ਬਿਜਲੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਸਰਕਲ ਦਫ਼ਤਰ ਅੱਗੇ ਜ਼ੋਰਦਾਰ ਗੇਟ ਰੈਲੀ ਬਿਜਲੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਸਰਕਲ ਦਫ਼ਤਰ ਅੱਗੇ ਜ਼ੋਰਦਾਰ ਗੇਟ ਰੈਲੀ
Publish Date: Tue, 14 Jul 2026 03:27 PM (IST)
Updated Date: Tue, 14 Jul 2026 03:27 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ’ਤੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਏਟਕ) ਸ਼ਹਿਰੀ ਅਤੇ ਸਬ-ਅਰਬਨ ਮੰਡਲ ਫਿਰੋਜ਼ਪੁਰ ਦੇ ਬਿਜਲੀ ਕਾਮਿਆਂ ਵੱਲੋਂ ਸਰਕਲ ਦਫ਼ਤਰ ਫਿਰੋਜ਼ਪੁਰ ਵਿਖੇ ਇਕ ਵਿਸ਼ਾਲ ਗੇਟ ਰੈਲੀ ਕੀਤੀ ਗਈ। ਮੁਲਾਜ਼ਮਾਂ ਨੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਾਰ-ਵਾਰ ਕੀਤੇ ਸਮਝੌਤਿਆਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਰੋਸ ਰੈਲੀ ਦੀ ਸਾਂਝੀ ਪ੍ਰਧਾਨਗੀ ਸੀਨੀਅਰ ਆਗੂ ਅਸ਼ਵਨੀ ਕੁਮਾਰ ਅਤੇ ਬਲਵੰਤ ਸਿੰਘ ਬਿੱਟੂ ਵੱਲੋਂ ਕੀਤੀ ਗਈ। ਰੈਲੀ ਦੌਰਾਨ ਇਕੱਠੇ ਹੋਏ ਬਿਜਲੀ ਕਾਮਿਆਂ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਰਾਕੇਸ਼ ਸੈਣੀ, ਜ਼ੋਨ ਆਗੂ ਰਾਜੇਸ਼ ਦੱਤਾ ਅਤੇ ਸਾਹਿਲ ਅਹੂਜਾ ਮੋਨੂੰ ਨੇ ਪਾਵਰਕਾਮ ਦੀ ਮੈਨੇਜਮੈਂਟ ਉੱਤੇ ਵਾਅਦਾ-ਖ਼ਿਲਾਫ਼ੀ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਵੱਖ-ਵੱਖ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਕਈ ਸਮਝੌਤੇ ਕੀਤੇ ਗਏ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੈਲੀ ਨੂੰ ਅੱਗੇ ਸੰਬੋਧਨ ਕਰਦਿਆਂ ਰੋਹਿਤ ਦੇਵਗਨ ਨੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਉਭਾਰਿਆ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 2026 ਦੇ ਪੱਤਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਵੇ ਅਤੇ ਸਾਰੇ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ 6ਵਾਂ ਪੇ-ਸਕੇਲ ਦਿੱਤਾ ਜਾਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਬਕਾਇਆ ਪਏ 18 ਪ੍ਰਤੀਸ਼ਤ ਡੀ.ਏ. (ਮਹਿੰਗਾਈ ਭੱਤਾ) ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਆਗੂਆਂ ਨੇ ਜ਼ੋਰ ਦੇ ਕੇ ਆਖਿਆ ਕਿ ਬਿਜਲੀ ਬੋਰਡ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਆਊਟਸੋਰਸਿੰਗ ਅਤੇ ਪਾਰਟ-ਟਾਈਮ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਇਸ ਤੋਂ ਇਲਾਵਾ, ਫੀਲਡ ਅਤੇ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਅਤੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਤੇ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇ। ਮੁਲਾਜ਼ਮ ਆਗੂਆਂ ਨੇ ਮੈਨੇਜਮੈਂਟ ਅਤੇ ਸਰਕਾਰ ਨੂੰ ਸਖ਼ਤ ਲਹਿਜੇ ਵਿਚ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਉਨ੍ਹਾਂ ਨਾਲ ਕੀਤੇ ਗਏ ਸਮਝੌਤੇ ਤੁਰੰਤ ਲਾਗੂ ਨਾ ਕੀਤੇ ਗਏ ਅਤੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਸਮੂਹ ਕਰਮਚਾਰੀ 21 ਅਤੇ 22 ਜੁਲਾਈ ਨੂੰ ਲਗਾਤਾਰ ਦੋ ਦਿਨਾਂ ਦੀ ਮੁਕੰਮਲ ਹੜਤਾਲ ’ਤੇ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਤਿੱਖੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਰੋਸ਼ਨ ਲਾਲ, ਪਿੱਪਲ ਸਿੰਘ ਅਤੇ ਪ੍ਰਦੀਪ ਸ਼ਰਮਾ ਤੋਂ ਇਲਾਵਾ ਹੋਰ ਬਿਜਲੀ ਕਾਮੇ ਹਾਜ਼ਰ ਸਨ।