- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਵਿਰੋਧੀ ਮੁਹਿੰਮ ਤਹਿਤ ਹਾਟਸਪਾਟ ਪਿੰਡਾਂ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਪਿੰਡ ਵਾਸੀਆਂ ਨੂੰ ਕੀਤਾ ਜਾਵੇ ਜਾਗਰੂਕ: ਡੀ.ਸੀ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿੱਚ ਨਸ਼ਿਆਂ ਦੇ ਹਾਟਸਪਾਟ ਪਿੰਡਾਂ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ-ਡਿਵੀਜ਼ਨਾਂ ਦੇ ਐੱਸਡੀਐੱਮ ਅਤੇ ਪੁਲਿਸ ਅਧਿਕਾਰੀਆਂ ਨਾਲ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 20 ਹਾਟਸਪਾਟ ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰ ਸਮੀਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਥਾਵਾਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।