ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
Publish Date: Mon, 23 Mar 2026 07:46 PM (IST)
Updated Date: Mon, 23 Mar 2026 07:49 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋ਼ਜਪੁਰ : ਦੇਸ਼ ਦੇ ਮਹਾਨ ਸਪੂਤਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਹੁਸੈਨੀਵਾਲਾ ਵਿਖੇ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਤੇ ਭਾਰੀ ਰੌਣਕ ਵੇਖਣ ਨੂੰ ਮਿਲੀ। ਸਵੇਰ ਤੋਂ ਹੀ ਲੋਕਾਂ ਦਾ ਹੜ੍ਹ ਉਮੜਨਾ ਸ਼ੁਰੂ ਹੋ ਗਿਆ ਸੀ ਅਤੇ ਪੂਰਾ ਇਲਾਕਾ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ।ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਸ਼ਹੀਦੀ ਸਮਾਰਕ ’ਤੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਧਾਰਮਿਕ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਸਿਆਸੀ ਆਗੂਆਂ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦਾ ਪ੍ਰਣ ਲਿਆ, ਜਦਕਿ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਵੇਖਿਆ ਗਿਆ।ਹੁਸੈਨੀਵਾਲਾ ਵਿਖੇ ਲੋਕਾਂ ਦੀ ਭਾਰੀ ਭੀੜ ਕਾਰਨ ਮੇਲੇ ਵਰਗਾ ਮਾਹੌਲ ਬਣਿਆ ਰਿਹਾ। ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੇ ਸ਼ਹੀਦਾਂ ਦੀਆਂ ਤਸਵੀਰਾਂ ਹੱਥਾਂ ਵਿੱਚ ਫੜ ਕੇ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਅਹਿਦ ਲਿਆ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ਰਧਾਲੂਆਂ ਲਈ ਲੰਗਰ ਅਤੇ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਸਨ।