ਟੈੱਟ ਵਿਰੋਧੀ ਰੈਲੀ ਦੌਰਾਨ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ ਨਿੰਦਣਯੋਗ
ਚੰਡੀਗੜ੍ਹ ਵਿਚ ਟੈੱਟ ਵਿਰੋਧੀ ਰੈਲੀ ਦੌਰਾਨ ਅਧਿਆਪਕਾਂ ’ਤੇ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ
Publish Date: Fri, 13 Mar 2026 03:44 PM (IST)
Updated Date: Fri, 13 Mar 2026 03:45 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਵੱਲੋਂ ਟੈੱਟ ਦੇ ਵਿਰੋਧ ਵਿਚ ਕੱਲ੍ਹ ਚੰਡੀਗੜ੍ਹ ਵਿਚ ਇਕ ਵਿਸ਼ਾਲ ਸ਼ਾਂਤਮਈ ਰੈਲੀ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ। ਰੈਲੀ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਜਲ ਤੋਪਾਂ ਚਲਾਈਆਂ ਗਈਆਂ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਡਾਂਗਾਂ ਵਰਤੀਆਂ ਗਈਆਂ। ਇਸ ਕਾਰਵਾਈ ਦੌਰਾਨ ਕਈ ਅਧਿਆਪਕ ਜ਼ਖ਼ਮੀ ਹੋ ਗਏ। ਘਟਨਾ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਦੇ ਆਗੂ ਨਵੀਨ ਸਚਦੇਵਾ, ਬਲਵਿੰਦਰ ਸਿੰਘ ਭੁੱਟੋ, ਬਲਰਾਮ ਸ਼ਰਮਾ, ਮਲਕੀਤ ਸਿੰਘ ਹਰਾਜ, ਬਲਵਿੰਦਰ ਸਿੰਘ ਚੱਬਾ, ਬਾਜ਼ ਸਿੰਘ ਭੁੱਲਰ, ਰਾਜਵੀਰ ਸਿੰਘ ਢਿੱਲੋਂ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਭਾਵੜਾ ਅਤੇ ਸੁਖਜਿੰਦਰ ਸਿੰਘ ਖਾਨਪੁਰ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਕੜੀ ਨਿੰਦਾ ਕੀਤੀ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਤਰੀਕੇ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਲੋਕਤੰਤਰਕ ਅਧਿਕਾਰ ਹੈ ਅਤੇ ਅਧਿਆਪਕਾਂ ‘ਤੇ ਇਸ ਤਰ੍ਹਾਂ ਦੀ ਕਾਰਵਾਈ ਬਿਲਕੁਲ ਅਣਉਚਿਤ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆਂ ਜਾਵੇ ਅਤੇ ਗੱਲਬਾਤ ਰਾਹੀਂ ਇਸ ਮਸਲੇ ਦਾ ਜਲਦ ਹੱਲ ਕੱਢਿਆ ਜਾਵੇ।