ਸੁਖਪਾਲ ਨੰਨੂ ਨੂੰ ਹਲਕਾ ਇੰਚਾਰਜ ਲਗਾਉਣ ’ਤੇ ਵਰਕਰਾਂ ’ਚ ਖੁਸ਼ੀ
ਸੁਖਪਾਲ ਸਿੰਘ ਨੰਨੂ ਨੂੰ ਹਲਕਾ ਇੰਚਾਰਜ਼ ਲਗਾਉਣ ’ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ
Publish Date: Fri, 27 Feb 2026 04:44 PM (IST)
Updated Date: Fri, 27 Feb 2026 04:46 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ ਨੂੰ ਫਿਰੋਜ਼ਪੁਰ ਸ਼ਹਿਰੀ ਹਲਕਾ ਇੰਚਾਰਜ਼ ਨਿਯੁਕਤ ਕਰਨ ਦੇ ਐਲਾਨ ਤੋਂ ਬਾਅਦ ਹਲਕੇ ਦੇ ਵਰਕਰਾਂ ਵਿਚ ਭਾਰੀ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਕੋਠੀ ਵਿਖੇ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜੋ ਵੱਡੀ ਰੈਲੀ ਦਾ ਰੂਪ ਧਾਰ ਗਿਆ। ਸਮਾਰੋਹ ਦੌਰਾਨ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਸਿਰੋਪਾਓ ਭੇਂਟ ਕਰਕੇ ਨੰਨੂ ਦਾ ਨਾਲ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਹੀ ਉਨ੍ਹਾਂ ਦੀ ਜਿੰਦ-ਜਾਨ ਹਨ ਅਤੇ ਉਨ੍ਹਾਂ ਦਾ ਸਤਿਕਾਰ ਹਮੇਸ਼ਾਂ ਸਰਵਉੱਚ ਰਹੇਗਾ। ਉਨ੍ਹਾਂ ਦ੍ਰਿੜ ਨਿਸ਼ਚਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਇਲਾਕੇ ਦਾ ਸਰਵਪੱਖੀ ਵਿਕਾਸ, ਸ਼ਹਿਰੀ ਖੇਤਰ ਦੇ ਲੋਕਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਲਈ ਵਿਸ਼ੇਸ਼ ਰੋਜ਼ਗਾਰ ਉਪਰਾਲਿਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਆਪਣੀ ਪਿਛਲੀ ਸਰਕਾਰ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਵੀ ਵਿਸਥਾਰ ਸਹਿਤ ਜ਼ਿਕਰ ਕੀਤਾ ਅਤੇ ਮੌਜ਼ੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵਿਕਾਸ ਕਾਰਜਾਂ ਵਿੱਚ ਹੋਏ ਭ੍ਰਿਸ਼ਟਾਚਾਰ, ਧੱਕੇਸ਼ਾਹੀ ਅਤੇ ਝੂਠੇ ਪਰਚਿਆਂ ਦੇ ਮਾਮਲਿਆਂ ਨੂੰ ਵੀ ਯਾਦ ਕਰਵਾਇਆ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਵੱਧ ਤੋਂ ਵੱਧ ਕੰਮ ਕਰਨ ਅਤੇ 2022 ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਯਤਨ ਕਰਨ। ਇਸ ਮੌਕੇ ਸੁਖਪਾਲ ਨੰਨੂ ਨੇ ਸੰਬੋਧਨ ਕਰਦਿਆਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ , ਉਪਕਾਰ ਸਿੰਘ ਸਿੱਧੂ, ਬਲਵਿੰਦਰ ਸਿੰਘ ਕੋਤਵਾਲ , ਬਲਕਾਰ ਢਿੱਲੋਂ , ਨਰਿੰਦਰ ਸਿੰਘ ਜੋਸਨ ਅਤੇ ਇਲਾਕੇ ਦੇ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।