ਕਣਕ ਦੀ ਆਮਦ ਤੇ ਖ਼ਰੀਦ ਜ਼ੋਰਾਂ ’ਤੇ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਤੇ ਖ਼ਰੀਦ ਦਾ ਕੰਮ ਜੋਰਾਂ ਸ਼ੋਰਾਂ ’ਤੇ: ਡਿਪਟੀ ਕਮਿਸ਼ਨਰ
Publish Date: Tue, 21 Apr 2026 05:15 PM (IST)
Updated Date: Tue, 21 Apr 2026 05:19 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਵਿਚ ਕਣਕ ਦੀ ਵਾਢੀ ਦੇ ਸੀਜ਼ਨ ਦੇ ਚੱਲਦਿਆਂ ਮੰਡੀਆਂ ਵਿਚ ਕਣਕ ਦੀ ਆਮਦ ਪੂਰੇ ਜੋਰਾਂ ’ਤੇ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਰਕਾਰੀ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕੁੱਲ 4,18,666 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ ਕੁੱਲ 3,79,443 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਮੁਕੰਮਲ ਕਰ ਲਈ ਗਈ ਹੈ। ਖ਼ਰੀਦ ਏਜੰਸੀਆਂ ਵਲੋਂ ਪਨਗ੍ਰੇਨ 1,16,407 ਮੀਟ੍ਰਿਕ ਟਨ, ਮਾਰਕਫੈੱਡ 1,09,671 ਮੀਟ੍ਰਿਕ ਟਨ, ਪਨਸਪ 96,640 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ 56,725 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ। ਮੰਡੀਆਂ ਵਿਚ ਥਾਂ ਦੀ ਘਾਟ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਖ਼ਰੀਦੀ ਗਈ ਫ਼ਸਲ ਦੀ ਲਿਫਟਿੰਗ (ਚੁਕਾਈ) ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਖ਼ਰੀਦ ਹੁੰਦੀ ਹੈ, ਉਵੇਂ ਹੀ ਫ਼ਸਲ ਨੂੰ ਗੋਦਾਮਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਨਵੀਂ ਆ ਰਹੀ ਫ਼ਸਲ ਲਈ ਜਗ੍ਹਾ ਬਣੀ ਰਹੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਪਾਬੰਦ ਕੀਤਾ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਛਾਂ ਅਤੇ ਬੈਠਣ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਹੈ ਕਿ ਕਿਸਾਨ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਲਈ ਮੰਡੀ ਵਿਚ ਰਾਤਾਂ ਨਾ ਕੱਟਣੀਆਂ ਪੈਣ। ਉਨ੍ਹਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਾਡੀ ਕੋਸ਼ਿਸ਼ ਹੈ ਕਿ ਕਿਸਾਨ ਮੰਡੀ ਵਿਚ ਫ਼ਸਲ ਲੈ ਕੇ ਆਵੇ ਅਤੇ ਨਿਰਧਾਰਿਤ ਸਮੇਂ ਅੰਦਰ ਫ਼ਸਲ ਵੇਚ ਕੇ ਖੁਸ਼ੀ-ਖੁਸ਼ੀ ਘਰ ਵਾਪਸ ਜਾਵੇ। ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਤਾਂ ਜੋ ਖ਼ਰੀਦ ਸਮੇਂ ਨਮੀ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨ ਵੱਲੋਂ ਹਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸੀਜ਼ਨ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਸਕੇ।