ਜ਼ਿਲ੍ਹੇ ’ਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ : ਡੀਸੀ
ਜ਼ਿਲ੍ਹੇ ਵਿਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ : ਡਿਪਟੀ ਕਮਿਸ਼ਨਰ
Publish Date: Fri, 24 Apr 2026 04:26 PM (IST)
Updated Date: Fri, 24 Apr 2026 04:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹੇ ਵਿਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਸਬੰਧੀ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ, ਖਰੀਦ, ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਵਾਢੀ ਉਪਰੰਤ ਤੂੜੀ ਬਣਾਉਣ ਸਮੇਂ ਵੀ ਪੂਰੀ ਸਾਵਧਾਨੀ ਵਰਤਣ ਤਾਂ ਜੋ ਕੋਈ ਦੁਰਘਟਨਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 578468 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 545079 ਮੀਟ੍ਰਿਕ ਟਨ (94 ਫੀਸਦੀ) ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਪਨਗ੍ਰੇਨ ਵਲੋਂ 162024 ਮੀਟ੍ਰਿਕ ਟਨ, ਮਾਰਕਫੈਡ ਵਲੋਂ 152872 ਮੀਟ੍ਰਿਕ ਟਨ, ਪਨਸਪ ਵੱਲੋਂ 147872 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 82311 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿਚ 1146.43 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਉਪਰੰਤ ਕਣਕ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿਚ ਹੀ ਮਿਲਾਉਣ।