ਖ਼ਰੀਦ, ਤੋਲ ਤੇ ਲਿਫ਼ਟਿੰਗ ’ਚ ਲਿਆਂਦੀ ਜਾਵੇ ਹੋਰ ਤੇਜ਼ੀ : ਡੀਸੀ
ਕਣਕ ਦੀ ਖ਼ਰੀਦ, ਤੋਲ ਅਤੇ ਲਿਫ਼ਟਿੰਗ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਡਿਪਟੀ ਕਮਿਸ਼ਨਰ
Publish Date: Mon, 20 Apr 2026 04:45 PM (IST)
Updated Date: Mon, 20 Apr 2026 04:48 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ, ਤੋਲ ਅਤੇ ਲਿਫ਼ਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਵੱਖ-ਵੱਖ ਏਜੰਸੀਆਂ ਵਲੋਂ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 313810 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤੱਕ ਕੁੱਲ 273949 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ ਵਲੋਂ 83994 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 78131 ਮੀਟ੍ਰਿਕ ਟਨ, ਪਨਸਪ ਵਲੋਂ 72680 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 39145 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਫ਼ਸਲ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।