ਐੱਲਪੀਜੀ ਕਮੀ ’ਤੇ ਪੀਐੱਮ ਤੇ ਪੈਟਰੋਲੀਅਮ ਮੰਤਰੀ ਚੁੱਪ ਕਿਓਂ
ਐੱਲਪੀਜੀ ਕਮੀ ’ਤੇ ਪ੍ਰਧਾਨ ਮੰਤਰੀ ਤੇ ਪੈਟਰੋਲੀਅਮ ਮੰਤਰੀ ਦੀ ਚੁੱਪੀ ਕਿਉਂ: ਜ਼ੀਰਾ, ਜੈਨ
Publish Date: Sun, 15 Mar 2026 04:22 PM (IST)
Updated Date: Sun, 15 Mar 2026 04:25 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਐੱਲਪੀਜੀ ਗੈਸ ਦੀ ਕਥਿਤ ਕਮੀ ਨੂੰ ਲੈ ਕੇ ਚਿੰਤਾ ਵੱਧਦੀ ਜਾ ਰਹੀ ਹੈ। ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ ਨੇ ਕੇਂਦਰ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਦੇ ਬਾਵਜੂਦ ਪ੍ਰਧਾਨ ਮੰਤਰੀ ਅਤੇ ਪੈਟਰੋਲੀਅਮ ਮੰਤਰੀ ਇਸ ਮਸਲੇ ‘ਤੇ ਚੁੱਪ ਕਿਉਂ ਹਨ। ਆਗੂਆਂ ਨੇ ਕਿਹਾ ਕਿ ਕਈ ਥਾਵਾਂ ’ਤੇ ਐੱਲਪੀਜੀ ਸਿਲੰਡਰਾਂ ਦੀ ਸਪਲਾਈ ਘਟਣ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਆਮ ਘਰਾਂ ਦੇ ਨਾਲ-ਨਾਲ ਛੋਟੇ ਵਪਾਰੀਆਂ, ਢਾਬਾ ਅਤੇ ਰੈਸਟੋਰੈਂਟ ਚਲਾਉਣ ਵਾਲਿਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਸੋਈ ਗੈਸ ਹਰ ਘਰ ਦੀ ਬੁਨਿਆਦੀ ਲੋੜ ਹੈ ਅਤੇ ਇਸ ਦੀ ਕਮੀ ਸਿੱਧੇ ਤੌਰ ‘ਤੇ ਕਰੋੜਾਂ ਪਰਿਵਾਰਾਂ ਦੀ ਰੋਜ਼ਮਰਾ ਜ਼ਿੰਦਗੀ ’ਤੇ ਅਸਰ ਪਾਂਦੀ ਹੈ।ਕੁਲਬੀਰ ਸਿੰਘ ਜ਼ੀਰਾ ਅਤੇ ਹਰੀਸ਼ ਜੈਨ ਗੋਗਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਮਸਲੇ ਨੂੰ ਤਰਜੀਹ ਦੇ ਆਧਾਰ ‘ਤੇ ਲੈਂਦਿਆਂ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਦੇਸ਼ ਭਰ ਵਿੱਚ ਐੱਲਪੀਜੀ ਦੀ ਸਪਲਾਈ ਸੁਚਾਰੂ ਬਣੀ ਰਹੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਸੀਨੀਅਰ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਹਾਲੀਆ ਦਿਨਾਂ ਵਿੱਚ ਕਈ ਰਾਜਾਂ ਤੋਂ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ, ਜਿਸ ਕਾਰਨ ਹੋਟਲ, ਰੈਸਟੋਰੈਂਟ ਅਤੇ ਹੋਰ ਛੋਟੇ ਕਾਰੋਬਾਰਾਂ ‘ਤੇ ਵੀ ਅਸਰ ਪੈ ਰਿਹਾ ਹੈ।