ਵਾਤਾਵਰਣ ਸੰਭਾਲ ਲਈ ‘ਏਆਈ’ ਦੀ ਵਰਤੋਂ ’ਤੇ ਵਰਕਸ਼ਾਪ ਕਰਵਾਈ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਾਤਾਵਰਣ ਸੰਭਾਲ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ
Publish Date: Fri, 20 Mar 2026 04:18 PM (IST)
Updated Date: Fri, 20 Mar 2026 04:19 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੀ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ‘ਏਆਈਫਾਰ ਐਨਵਾਇਰਨਮੈਂਟਲ ਮਾਨੀਟਰਿੰਗ ਅਤੇ ਸਸਟੇਨੇਬਿਲਟੀ’ ਵਿਸ਼ੇ ’ਤੇ ਇਕ ਦਿਨਾ ਵਰਕਸ਼ਾਪ-ਕਮ-ਪ੍ਰਦਰਸ਼ਨੀ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਉਪ-ਕੁਲਪਤੀ ਪ੍ਰੋ. ਡਾ. ਸੁਰੇਸ਼ ਕੁਮਾਰ ਸ਼ਰਮਾ ਦੀ ਸਰਪ੍ਰਸਤੀ ਅਤੇ ਕੋਆਰਡੀਨੇਟਰ ਡਾ. ਬਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਹ ਵਿਸ਼ੇਸ਼ ਪ੍ਰੋਗਰਾਮ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਪਾਂਸਰ ਸੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ ਉਲੀਕਿਆ ਗਿਆ ਸੀ। ਵਰਕਸ਼ਾਪ ਦੌਰਾਨ ਵਿਸ਼ੇਸ਼ ਵਿਦਵਾਨਾਂ ਵਜੋਂ ਪਹੁੰਚੇ ਡਾ. ਸੁਸ਼ੀਲ ਕੁਮਾਰ ਕੰਸਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਡਾ. ਵਿਨੇ ਕੁਮਾਰ ਸਿੰਧੂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਵੱਖ-ਵੱਖ ਤਕਨੀਕੀ ਸੈਸ਼ਨਾਂ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ। ਏਆਈ ਰਾਹੀਂ ਪ੍ਰਦੂਸ਼ਣ ਦੀ ਨਿਗਰਾਨੀ ਅਤੇ ਇਸ ਨੂੰ ਕੰਟਰੋਲ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ ਗਈ। ਖੇਤੀਬਾੜੀ ਖੇਤਰ ਵਿੱਚ ਆਧੁਨਿਕ ਏਆਈ ਤਕਨੀਕਾਂ ਦੀ ਵਰਤੋਂ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਡੀਈਓ.ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਦੌਰਾਨ ਵਿਦਿਆਰਥੀਆਂ ਵੱਲੋਂ ਇਕ ਟੈਕ-ਐਗਜ਼ੀਬਿਸ਼ਨ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਾਤਾਵਰਣ ਸੰਭਾਲ ਨਾਲ ਸਬੰਧਤ ਨਵੀਨਤਮ ਮਾਡਲ ਅਤੇ ਆਈਡੀਆਜ਼ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਯੂਨੀਵਰਸਿਟੀ ਕੈਂਪਸ ਵਿਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ ਅਤੇ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਾਈਸ-ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਸਮੁੱਚੀ ਆਰਗੇਨਾਈਜ਼ਿੰਗ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਰਜਿਸਟਰਾਰ ਡਾ. ਗਜ਼ਲ ਪ੍ਰੀਤ ਅਨੇਜਾ, ਕੋ-ਕੋਆਰਡੀਨੇਟਰ ਡਾ. ਸੰਨੀ ਬਹਿਲ, ਡਾ. ਪੰਕਜ ਕਲਰਾ, ਗਗਨਦੀਪ ਲੂਥਰਾ ਅਤੇ ਕੈਂਪਸ ਪੀਆਰਓ ਯਸ਼ਪਾਲ ਸਮੇਤ ਵੱਡੀ ਗਿਣਤੀ ਵਿੱਚ ਫੈਕਲਟੀ ਸਟਾਫ ਅਤੇ ਵਿਦਿਆਰਥੀ ਮੌਜ਼ੂਦ ਸਨ।