- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਆਪਣੀ ਵੋਟ ਬਣਵਾਉਣ : ਕ੍ਰਿਸ਼ਨਾ ਪਾਲ ਰਾਜਪੂਤ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ ਹੈ। ਪਹਿਲੀ ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੀ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ-2027 ਦੀ ਡਰਾਫਟ ਵੋਟਰ ਸੂਚੀ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 12 ਨਵੰਬਰ ਤੋਂ 11 ਦਸੰਬਰ 2026 ਤੱਕ ਹੈ। ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਵਾਂ ਨਾਮ ਦਰਜ ਕਰਵਾਉਣ ਲਈ ਫਾਰਮ-6, ਵੋਟਰ ਸੂਚੀ ਵਿੱਚੋਂ ਨਾਮ ਹਟਾਉਣ ਲਈ ਫਾਰਮ-7 ਅਤੇ ਨਾਮ, ਪਤਾ ਜਾਂ ਹੋਰ ਵੇਰਵਿਆਂ ਵਿੱਚ ਸੋਧ ਕਰਵਾਉਣ ਜਾਂ ਵੋਟ ਤਬਦੀਲ ਕਰਨ ਲਈ ਫਾਰਮ-8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਦੇ ਦਫ਼ਤਰਾਂ ਵਿਚ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਦਾਰਿਆਂ ਵਿੱਚ ਪੜ੍ਹ ਰਹੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਲਈ ਲੋੜੀਂਦੀ ਜਾਣਕਾਰੀ ਅਤੇ ਸਹਿਯੋਗ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਹੋਰ ਯੋਗ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ ਰਾਹੀਂ ਵੀ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਰਾਹੀਂ ਵੋਟਰ ਸੂਚੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।