581 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
ਜ਼ੀਰਾ ਅਤੇ ਮਖੂ ਪੁਲਿਸ ਨੇ 581 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕੀਤੇ ਗ੍ਰਿਫ਼ਤਾਰ
Publish Date: Thu, 02 Apr 2026 04:25 PM (IST)
Updated Date: Fri, 03 Apr 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਜ਼ੀਰਾ ਸਦਰ ਤੇ ਮਖੂ ਦੀ ਪੁਲਿਸ ਨੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਅਤੇ ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਬੀਤੇ ਦਿਨ ਗਸ਼ਤ ਤੇ ਚੈਕਿੰਗ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 581 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਜ਼ੀਰਾ ਸਦਰ ਦੇ ਏਐੱਸਆਈ ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਬਾਈਪਾਸ ਲਹਿਰਾ ਰੋਹੀ ਤੋਂ ਥੋੜ੍ਹਾ ਅੱਗੇ ਪਿੰਡ ਬੰਡਾਲਾ ਪੁਰਾਣੇ ਤੋਂ ਪਿੰਡ ਸਨੇਰ ਵੱਲ ਜਾਂਦੇ ਸਮੇਂ ਲਖਵਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਅਤੇ ਅਮਨਪਾਲ ਸਿੰਘ ਉਰਫ਼ ਫੌਜਾ ਪੁੱਤਰ ਸੁਰਜੀਤ ਸਿੰਘ ਦੋਵੇਂ ਵਾਸੀ ਪਿੰਡ ਸਨੇਰ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਇਨ੍ਹਾਂ ਦੇ ਕਬਜ਼ੇ ਵਿੱਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮਖੂ ਪੁਲਿਸ ਦੇ ਏਐੱਸਆਈ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੋਹੀਆਂ ਰੋਡ ਤੋਂ ਟਿੱਬੀ ਰੰਗਾ ਪਿੰਡ ਵੱਲ ਜਾਂਦੇ ਸਮੇਂ ਹਰਪ੍ਰੀਤ ਸਿੰਘ ਉਰਫ਼ ਪਾਲੀ ਪੁੱਤਰ ਜੰਗ ਸਿੰਘ ਵਾਸੀ ਪਿੰਡ ਬੂਟ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ। ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ 569 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮਾਮਲਿਆਂ ਦੀ ਜਾਂਚ ਕਰ ਰਹੇ ਅਧਿਕਾਰੀ ਸੁਖਦੇਵ ਸਿੰਘ ਤੇ ਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।