ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡੀਐੱਸਪੀ ਢਿੱਲੋਂ ਨਸ਼ਿਆਂ ਦੇ ਖ਼ਿਲਾਫ਼ ਜ਼ੀਰਾ ਪੁਲਿਸ ਦਾ ‘ਸਰਚ ਵਾਰ’
Publish Date: Sun, 04 Oct 2026 04:21 PM (IST)
Updated Date: Sun, 04 Oct 2026 04:23 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ: ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ੀਰਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਸ਼ੱਕੀ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸਮਾਧੀ ਮੁਹੱਲਾ, ਵਸਤੀ ਮਾਛੀਆਂ ਵਾਲੀ, ਈਸਾ ਨਗਰੀ, ਸਮਾਧੀ ਰੋਡ ਅਤੇ ਸਨੇਰ ਰੋਡ ਸਮੇਤ ਨਾਲ ਲੱਗਦੇ ਇਲਾਕਿਆਂ ਵਿੱਚ ਘਰ-ਘਰ ਜਾ ਕੇ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਅਚਾਨਕ ਕੀਤੀ ਗਈ ਇਸ ਕਾਰਵਾਈ ਕਾਰਨ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਤੱਤਾਂ ਵਿੱਚ ਖਲਬਲੀ ਦੇਖਣ ਨੂੰ ਮਿਲੀ। ਡੀਐਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਬਾਹਰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਅਤੇ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ। ਐੱਸਐੱਚਓ ਥਾਣਾ ਸਿਟੀ ਜ਼ੀਰਾ ਜਸਵਿੰਦਰ ਸਿੰਘ ਬਰਾੜ ਨੇ ਵੀ ਨਸ਼ਾ ਤਸਕਰਾਂ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪੁਲਿਸ ਦੇ ਨਾਲ-ਨਾਲ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਚ ਆਪ੍ਰੇਸ਼ਨ ਦੌਰਾਨ ਐਸ ਐਚ ਓ ਥਾਣਾ ਸਿਟੀ ਜਸਵਿੰਦਰ ਸਿੰਘ ਬਰਾੜ, ਐੱਸਐੱਚਓ ਥਾਣਾ ਸਦਰ ਜ਼ੀਰਾ ਕਸ਼ਮੀਰ ਸਿੰਘ,ਸਬ-ਇੰਸਪੈਕਟਰ ਸਤਵੰਤ ਸਿੰਘ,ਏਐੱਸਆਈ ਭੁਪਿੰਦਰ ਸਿੰਘ, ਏਐੱਸਆਈ ਬਲਰਾਜ ਸਿੰਘ,ਏਐੱਸਆਈ ਅਨਵਰ ਮਸੀਹ, ਸਮੇਤ ਪੁਲਿਸ ਪਾਰਟੀ ਅਤੇ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਰਹੇ।