- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਲੱਗੀਆਂ 20 ਟ੍ਰੈਫਿਕ ਲਾਈਟਾਂ, 25 ਨਵੰਬਰ ਨੂੰ ਪੁਲਿਸ ਦੇ ਹਵਾਲੇ ਹੋਵੇਗਾ ਪ੍ਰੋਜੈਕਟ

ਜੀਆਰਪੀ---ਗੁਰਦਾਸਪੁਰ ਸ਼ਹਿਰ ਦੇ ਪਰਸ਼ੁਰਾਮ ਚੌਕ ਵਿੱਚ ਲੱਗੀਆਂ ਹੋਈਆਂ ਸਟ੍ਰੀਟ ਲਾਈਟਾਂ।
* 25 ਨਵੰਬਰ ਨੂੰ ਟ੍ਰੈਫਿਕ ਪੁਲਿਸ ਹਵਾਲੇ ਹੋਵੇਗਾ ਪ੍ਰੋਜੈਕਟ
* ਸ਼ਹਿਰੀ ਵਿਕਾਸ ਲਈ ਟਰੱਸਟ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨ : ਚੇਅਰਮੈਨ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਦਿਲਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ’ਚ ਕਰੀਬ 20 ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ 25 ਨਵੰਬਰ ਨੂੰ ਟ੍ਰੈਫਿਕ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ। ਇਸ ਮੌਕੇ ਐੱਸਐੱਸਪੀ ਗੁਰਦਾਸਪੁਰ, ਡੀਸੀ ਗੁਰਦਾਸਪੁਰ ਤੇ ਹਲਕਾ ਇੰਚਾਰਜ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਟਰੱਸਟ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ’ਚ ਰੱਖਦਿਆਂ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਤੇ ਟ੍ਰੈਫਿਕ ਵਾਲੀਆਂ ਜਗ੍ਹਾਂ 'ਤੇ ਲਗਾਈਆਂ ਗਈਆਂ ਇਨ੍ਹਾਂ ਟ੍ਰੈਫਿਕ ਲਾਈਟਾਂ ਦੇ ਚਾਲੂ ਹੋਣ ਨਾਲ ਟ੍ਰੈਫਿਕ ਵਿਵਸਥਾ ’ਚ ਸੁਧਾਰ ਆਵੇਗਾ। ਇਸ ਨਾਲ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ’ਚ ਮਦਦ ਮਿਲੇਗੀ ਤੇ ਕਈ ਥਾਵਾਂ 'ਤੇ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਵੀ ਲੋਕਾਂ ਨੂੰ ਰਾਹਤ ਮਿਲ ਸਕੇਗੀ। ਇਸ ਤੋਂ ਇਲਾਵਾ ਸੜਕ ਹਾਦਸਿਆਂ ਨੂੰ ਰੋਕਣ ਤੇ ਸੜਕਾਂ 'ਤੇ ਆਵਾਜਾਈ ਨੂੰ ਸੁਰੱਖਿਅਤ ਬਣਾਉਣ ’ਚ ਵੀ ਇਹ ਟ੍ਰੈਫਿਕ ਲਾਈਟਾਂ ਅਹਿਮ ਭੂਮਿਕਾ ਨਿਭਾਉਣਗੀਆਂ।
ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਟ੍ਰੈਫਿਕ ਲਾਈਟਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਇੰਪਰੂਵਮੈਂਟ ਟਰੱਸਟ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣਾ ਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ। ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਦੇ ਵਿਕਾਸ ਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਦੁਬਾਰਾ ਤਰੱਕੀ ਦੇ ਰਾਹ 'ਤੇ ਲਿਆਉਣਾ ਤੇ ਪੰਜਾਬ ਨੂੰ 'ਸੋਨੇ ਦੀ ਚਿੜੀ' ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ।