- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਨਵੰਬਰ ਦੀ ਮੋਗਾ ਰੈਲੀ ਤੋਂ 2027 ਦੀਆਂ ਚੋਣਾਂ ਦਾ ਹੋਵੇਗਾ ਆਗਾਜ਼: ਮਨਦੀਪ ਗਿੱਲ

23ਬੀਟੀਐਲ11 ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਮੌਕੇ ਮਨਦੀਪ ਗਿੱਲ, ਵਿਧਾਇਕ ਰੰਧਾਵਾ, ਬਲਵਿੰਦਰ ਲਾਡੀ।
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ‘ਆਪ’ ਵੱਲੋਂ 26 ਨਵੰਬਰ ਨੂੰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਵਰਕਰਾਂ, ਅਹੁਦੇਦਾਰਾਂ, ਮਹਿਲਾ ਵਿੰਗ, ਯੂਥ ਵਿੰਗ ਅਤੇ ਕਿਸਾਨ ਵਿੰਗ ਦੇ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਵੱਲੋਂ ਸਿਹਤ, ਸਿੱਖਿਆ, ਮਹਿਲਾ ਸਸ਼ਕਤੀਕਰਨ, ਉਦਯੋਗ ਅਤੇ ਲੋਕ ਭਲਾਈ ਦੇ ਖੇਤਰ ’ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਪਾਰਟੀ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੀ ਹੈ। ਸਨਅਤੀ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਉਦਯੋਗਪਤੀਆਂ ਨੂੰ ਸਹੂਲਤ ਦਿੱਤੀ ਹੈ ਤੇ ਇਨਵੈਸਟ ਪੰਜਾਬ ਰਾਹੀਂ ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਪੰਜਾਬ ਵਿੱਚ ਆਉਣ ਦਾ ਉਪਰਾਲਾ ਕੀਤਾ ਹੈ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ 26 ਨਵੰਬਰ ਦੀ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਬੋਧਨ ਕਰਨਗੇ। ਇਸ ਰੈਲੀ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਿਆਸੀ ਸਰਗਰਮੀਆਂ ਦਾ ਆਗਾਜ਼ ਕੀਤਾ ਜਾਵੇਗਾ। ਅਕਾਲੀ ਦਲ ਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਗੱਲ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਨਾਲ ‘ਆਪ’ ਨੂੰ ਕੋਈ ਫਰਕ ਨਹੀਂ ਪਵੇਗਾ। ਇਸੇ ਦੌਰਾਨ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਪਾਰਟੀ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੂੰ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।