ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ 'ਤੇ ਬਣੇ ਪੈਸੇਂਜਰ ਟਰਮੀਨਲ ਰਾਹੀਂ ਬੁੱਧਵਾਰ ਨੂੰ 301 ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਇੱਥੇ ਦੱਸਣਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ 66 ਦਿਨਾਂ ਬਾਅਦ 40019 ਸ਼ਰਧਾਲੂਆਂ ਵੱਲੋਂ ਦਰਸ਼ਨ ਕਰਨ 'ਤੇ ਚਾਲੀ ਹਜ਼ਾਰ ਦਾ ਅੰਕੜਾ ਪਾਰ ਹੋ ਗਿਆ ਹੈ।

ਇਥੇ ਦੱਸਣਯੋਗ ਹੈ ਕਿ ਮਾਘੀ ਵਾਲੇ ਦਿਨ 226 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ ਸਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਭਾਰਤ-ਪਾਕਿ ਬਟਵਾਰੇ ਤੋਂ ਬਾਅਦ ਅਰਦਾਸਾਂ ਕਰਨ ਤੋਂ ਦੋਵਾਂ ਦੇਸ਼ਾਂ ਦੀ ਸਹਿਮਤੀ ਉਪਰੰਤ ਲਾਂਘਾ ਖੁੱਲਿ੍ਆ ਹੈ ਤੇ ਦੋਵਾਂ ਦੇਸ਼ਾਂ ਵੱਲੋਂ ਅਰਬਾਂ ਰੁਪਏ ਕਰਤਾਰਪੁਰ ਕੋਰੀਡੋਰ 'ਤੇ ਖਰਚ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਦਿਨੋਂ ਦਿਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟਦੀ ਜਾ ਰਹੀ ਹੈ। ਇਸ ਮੌਕੇ ਸ਼ਰਧਾਲੂਆਂ ਨੇ ਪਾਰਲੀਮੈਂਟ ਮੈਂਬਰਾਂ ਤੋਂ ਮੰਗ ਕੀਤੀ ਕਿ ਉਹ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਲਈ ਸੰਸਦ ਵਿਚ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜਿੱਥੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਗਈ ਹੈ ਪਰੰਤੂ ਭਾਰਤ ਸਰਕਾਰ ਨੇ ਪਾਸਪੋਰਟ ਦੀ ਸ਼ਰਤ ਲਾਗੂ ਕੀਤੀ ਹੋਈ ਹੈ ਜਿਸ ਕਾਰਨ ਸਰਹੱਦੀ ਖੇਤਰ ਤੋਂ ਇਲਾਵਾ ਲੱਖਾਂ ਗ਼ਰੀਬ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝੇ ਹਨ।

ਇਸ ਮੌਕੇ ਤੇ ਸਿਹਤ ਵਿਭਾਗ ਨਾਲ ਸਬੰਧਤ ਸਰਬਜੀਤ, ਮਨਦੀਪ, ਸੁਖਰਾਜ ਕੌਰ, ਮਨਦੀਪ ਕੌਰ ਸਿਹਤ ਕਰਮੀਆਂ ਵੱਲੋਂ ਸ਼ਰਧਾਲੂਆਂ ਨੂੰ ਪਲਸ ਪੋਲੀਓ ਡਰਾਪ ਪਿਲਾਏ ਗਏ।