500 ਡ੍ਰੋਨਾਂ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਦੀ ਬਾਕਮਾਲ ਪੇਸ਼ਕਾਰੀ 500 ਡ੍ਰੋਨਾਂ ਨੇ ਬਟਾਲਾ ਵਿਖੇ ਅਸਮਾਨ ਨੂੰ ਰੁਸ਼ਨਾਇਆ , ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਦੀ ਬਾਕਮਾਲ ਪੇਸ਼ਕਾਰੀ
Publish Date: Fri, 02 Oct 2026 05:24 PM (IST)
Updated Date: Fri, 02 Oct 2026 05:25 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅਜ਼ ਦੀ ਲੜੀ ਤਹਿਤ ਅੱਜ ਸ਼ਾਮ ਬਟਾਲਾ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਾਇਆ ਗਿਆ, ਜਿਸ ਵਿੱਚ 500 ਡ੍ਰੋਨਾਂ ਨੇ ਅਸਮਾਨ ਵਿੱਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ । ਸਥਾਨਕ ਆਈਟੀਆਈ ਗਰਾਊਂਡ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਬਹੁਤ ਹੀ ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡ੍ਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ । ਸੰਗਤ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੌ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਸਾਰਾ ਸਾਲ ਚਲਾਈ ਜਾ ਰਹੀ ਹੈ ਤਾਂ ਜੋ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪ੍ਰਸਾਰ ਕਰਕੇ ਖ਼ਾਸਕਰ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ, ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਡ੍ਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।ਸਮਾਗਮ ਵਿੱਚ ਬਾਬਾ ਮੇਸ਼ੀ ਸ਼ਾਹ, ਐੱਸਡੀਐੱਮ ਸਾਰੰਗਪ੍ਰੀਤ ਸਿੰਘ ਔਜਲਾ, ਭੁਪਿੰਦਰ ਸਿੰਘ ਬਾਜਵਾ ਮੇਅਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਸਰਪੰਚ ਤਰੁਨ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਨੀਲਮ ਚੌਹਾਨ ਸੀਨੀਅਰ ਡਿਪਟੀ ਮੇਅਰ, ਸ਼੍ਰੀਮਤੀ ਸੁਖਰਾਜ ਕੌਰ ਡਿਪਟੀ ਮੇਅਰ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਲਾਇਨ ਰਾਜੀਵ ਵਿੱਗ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਹਨੀ ਚੌਹਾਨ ਪ੍ਰਧਾਨ ਵੀਨੂੰ ਕਾਹਲੋਂ, ਪਰਦੀਪ ਕੁਮਾਰ, ਪਲਵਿੰਦਰ ਸਿੰਘ ਲੰਬੜਦਾਰ, ਅਜਮੇਰ ਸਿੰਘ ਬੰਟੀ, ਆਜਾਦਵਿੰਦਰ ਸਿੰਘ, ਅਮਰੀਕ ਸਿੰਘ ਲੰਬੜਦਾਰ, ਜਗਜੀਤ ਸਿੰਘ,ਰਣਬੀਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤ ਨਾਲ ਮੌਜੂਦ ਸਨ।