ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ

ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪੈਸੰਜਰ ਟਰਮੀਨਲ ਰਾਹੀਂ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ 113ਵੇਂ ਦਿਨ ਤਿੰਨ ਮਹੀਨੇ ਦੇ ਨੰਨ੍ਹੇ ਯੁੂਵਾਨ ਸਮੇਤ 528 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ 27 ਨਵੰਬਰ ਨੂੰ ਲੁਧਿਆਣਾ ਦੀ ਬਲਾਵਲ ਕੌਰ 4 ਮਹੀਨੇ ਦੀ ਬੱਚੀ ਨੇ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਸਨ। ਇੱਥੇ ਦੱਸਣਯੋਗ ਹੈ ਕਿ ਸ਼ਨਿੱਚਰਵਾਰ ਨੂੰ 523 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ ਸਨ। ਦਰਸ਼ਨ ਕਰਕੇ ਪਰਤੇ ਸ਼ਰਧਾਲੂ ਤੇਜਵੀਰ ਸਿੰਘ, ਸੂਰਤਾ ਸਿੰਘ ,ਬਲਦੇਵ ਸਿੰਘ, ਹਰਵਿੰਦਰ ਸਿੰਘ, ਰਾਜ ਕੁਮਾਰ, ਹਰਮਨ ਸਿੰਘ, ਬਲਜੀਤ ਕੌਰ, ਕੁਲਜੀਤ ਕੌਰ, ਦਰਸ਼ਨਾ ਦੇਵੀ ਆਦਿ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੂਸਰੇ ਗੁਰੂ ਅੰਗਦ ਦੇਵ ਜੀ ਨੂੰ ਗੁਰਤਾ ਗੱਦੀ ਸੌਂਪਣ ਤੋਂ ਇਲਾਵਾ ਕਿਰਤ ਕਰੋ, ਨਾਮ ਜਪੋ , ਵੰਡ ਛਕੋ ਦਾ ਉਪਦੇਸ਼ ਦਿੱਤਾ ਸੀ ਦੀ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਬਾਗੋ ਬਾਗ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਦੇ ਦਰਸ਼ਨ ਕਰਨ ਲਈ ਸਾਰੇ ਧਰਮਾਂ ਦੇ ਲੋਕ ਉਤਾਵਲੇ ਹਨ ਪ੍ਰੰਤੂ ਪਾਸਪੋਰਟ ਦੀ ਸ਼ਰਤ ਕਾਰਨ ਦਰਸ਼ਨਾਂ ਤੋਂ ਵਾਂਝੇ ਹਨ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ ਤਾਂ ਸਾਰੇ ਵਰਗਾਂ ਦੇ ਲੋਕ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ। ਇਸ ਮੌਕੇ ਤੇ ਸਿਹਤ ਵਿਭਾਗ ਦੇ ਕਰਮਚਾਰੀ ਸਤਨਾਮ ਸਿੰਘ, ਮਨਦੀਪ ਸਿੰਘ ,ਰੰਜਨਾ ਆਦਿ ਵੱਲੋਂ ਪਲਸ ਪੋਲੀਓ ਬੂੰਦਾਂ ਵੀ ਪਿਲਾਈਆਂ ਗਈਆਂ।