ਮੰਡੀਆਂ ’ਚ ਢੁੱਕਵੇਂ ਪ੍ਰਬੰਧ ਕਰਨ ਲਈ ਕਿਸਾਨ ਜਥੇਬੰਦੀਆਂ ਦਾ ਵਫ਼ਦ ਐੱਸਡੀਐੱਮ ਨੂੰ ਮਿਲਿਆ ਮੰਡੀਆਂ ਵਿੱਚ ਢੁੱਕਵੇਂ ਪ੍ਰਬੰਧ ਕਰਨ ਲਈ ਕਿਸਾਨ ਜਥੇਬੰਦੀਆਂ ਦਾ ਵਫ਼ਦ ਐੱਸਡੀਐੱਮ ਨੂੰ ਮਿਲਿਆ
Publish Date: Sat, 26 Sep 2026 04:11 PM (IST)
Updated Date: Sun, 27 Sep 2026 04:01 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਝੋਨੇ ਦੀ ਖਰੀਦ ਦੇ ਸਬੰਧ ਵਿੱਚ ਐੱਸਡੀਐੱਮ ਲਸ਼ਮਣ ਸਿੰਘ ਨੂੰ ਵਫ਼ਦ ਦੇ ਰੂਪ ਵਿੱਚ ਮਿਲ ਕੇ ਮੰਡੀਆਂ ਵਿੱਚ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਦੇ ਆਗੂ, ਜਿਨ੍ਹਾਂ ਵਿੱਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ, ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ ਤੋਂ ਇਲਾਵਾ ਵੱਖ-ਵੱਖ ਕਿਸਾਨ ਆਗੂਆਂ ਨੇ ਐੱਸਡੀਐੱਮ ਲਸ਼ਮਣ ਸਿੰਘ ਨੂੰ ਮਿਲ ਕੇ ਸਰਹੱਦੀ ਬਲਾਕ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਅਧੀਨ ਆਉਂਦੀਆਂ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ, ਪਰ ਮੰਡੀਆਂ ਵਿੱਚ ਅਜੇ ਤੱਕ ਪੁਖ਼ਤਾ ਪ੍ਰਬੰਧ ਨਹੀਂ ਹਨ। ਆਗੂਆਂ ਨੇ ਦੱਸਿਆ ਕਿ ਝੋਨੇ ਵਿਚਲੀ ਨਮੀ ਦੀ ਕਟੌਤੀ ਤੋਂ ਇਲਾਵਾ ਸ਼ੈਲਰ ਮਾਲਕਾਂ ਵੱਲੋਂ ਵੀ ਕੋਈ ਨਾ ਕੋਈ ਬਹਾਨਾ ਬਣਾ ਕੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਵੱਖਰਾ ਕੱਟ ਲਾਇਆ ਜਾਂਦਾ ਹੈ ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕੀਤੀ ਜਾਵੇਗੀ, ਪਰ ਮੰਡੀਆਂ ਵਿੱਚ ਤਰਪਾਲਾਂ ਅਤੇ ਬਾਰਦਾਨੇ ਦਾ ਪ੍ਰਬੰਧ ਅਧੂਰੇ ਹਨ। ਮੰਡੀਆਂ ਵਿੱਚ ਬਾਥਰੂਮ ਦਾ ਕੋਈ ਪ੍ਰਬੰਧ ਨਹੀਂ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮਾਰਕੀਟ ਕਮੇਟੀ ਵੱਲੋਂ ਮਾਇਸਚਰ ਮਾਪਣ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਕੀਤਾ ਜਾਵੇ। ਦਰਅਸਲ ਮਾਰਕੀਟ ਕਮੇਟੀ ਵਾਲੀਆਂ ਮਸ਼ੀਨਾਂ ਅਕਸਰ ਖ਼ਰਾਬ ਹੀ ਰਹਿੰਦੀਆਂ ਹਨ, ਇਸ ਕਾਰਨ ਆੜ੍ਹਤੀਏ ਆਪਣੀਆਂ ਮਸ਼ੀਨਾਂ ਵਰਤਦੇ ਹਨ, ਜਿਨ੍ਹਾਂ ਵਿੱਚ ਕਿਸਾਨਾਂ ਦੀ ਲੁੱਟ ਹੁੰਦੀ ਹੈ। ਇਸ ਤੋਂ ਇਲਾਵਾ ਕਲਾਨੌਰ ਅਨਾਜ ਮੰਡੀ ਵਿੱਚ ਸਰਕਾਰੀ ਫਰਸੀ ਕੰਢਾ ਜੋ ਪਿਛਲੇ ਲੰਬੇ ਸਮੇਂ ਤੋਂ ਬੰਦ ਪਿਆ ਹੈ ਉਸ ਨੂੰ ਠੀਕ ਕਰਕੇ ਕਿਸਾਨਾਂ ਨੂੰ ਸਰਕਾਰੀ ਕੰਢੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਕਿਸਾਨਾਂ ਦੀ ਇੱਕ ਸਾਂਝੀ ਮੀਟਿੰਗ ਕਰਵਾਈ ਜਾਵੇ। ਇਸ ਮੌਕੇ ਤੇ ਗੁਰਦੀਪ ਸਿੰਘ ਕਮਾਲਪੁਰ ਪ੍ਰੈੱਸ ਸਕੱਤਰ, ਜਗਜੀਤ ਸਿੰਘ ਸੇਖ ਕਬੀਰ, ਜਰਨੈਲ ਸਿੰਘ ਸਪਰਾਵਾਂ ਆਦਿ ਹਾਜ਼ਰ ਸਨ।