ਪ੍ਰਕਾਸ਼ ਪੁਰਬ ਸਬੰਧੀ ਨਬੀਪੁਰ ਤੋਂ ਕੱਢਿਆ ਨਗਰ ਕੀਰਤਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਬੀਪੁਰ ਤੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ
Publish Date: Sun, 22 Nov 2026 03:37 PM (IST)
Updated Date: Mon, 23 Nov 2026 04:01 AM (IST)
- ਥਾਂ-ਥਾਂ ਤੇ ਹੋਇਆ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਜੀਆਰਪੀ—ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡ ਨਬੀਪੁਰ ’ਚ ਪਿਛਲੇ ਕਈ ਦਿਨਾਂ ਤੋਂ ਸਵੇਰ ਸਮੇਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ। ਇਸੇ ਕੜੀ ’ਚ ਐਤਵਾਰ ਨੂੰ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕੀਤੀ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਤੋਂ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਾਲਕੀ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਲੰਘਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦਾ ਮਾਰਗ ਗੁਰਦੁਆਰਾ ਯਾਦਗਾਰ ਸ਼ਹੀਦਾਂ (ਨਬੀਪੁਰ), ਬਾਬਾ ਬੰਦਾ ਸਿੰਘ ਬਹਾਦਰ ਚੌਕ (ਬਾਈਪਾਸ), ਗੱਤਾ ਮਿੱਲ, ਹਯਾਤ ਨਗਰ, ਅੰਬ ਵਾਲਾ ਮੋੜ, ਹਰਦੋਛੰਨੀ ਚੌਕ, ਪ੍ਰੇਮ ਨਗਰ, ਕਬੂਤਰੀ ਚੌਕ ਤੇ ਕਾਹਨੂੰਵਾਨ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਤੱਕ ਰਿਹਾ। ਰਸਤੇ ’ਚ ਵੱਖ-ਵੱਖ ਥਾਵਾਂ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਸੰਬੰਧਤ ਗਾਇਨ ਕੀਤਾ। ਇਸ ਦੌਰਾਨ ਸੰਗਤ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਏ। ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਤੋਂ ਗੁਰਦੁਆਰਾ ਸਾਹਿਬ ਨਬੀਪੁਰ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਇਸ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਗੁਰਬਾਣੀ ਕਥਾ ਤੇ ਕੀਰਤਨ ਦੇ ਮਾਧਿਅਮ ਨਾਲ ਰਾਗੀ ਜਥੇ ਸੰਗਤ ਨੂੰ ਨਿਹਾਲ ਕਰਨਗੇ। ਇਸ ਤੋਂ ਬਾਅਦ ਗੁਰੂ ਦਾ ਅਟੁੱਟ ਲੰਗਰ ਵੰਡਿਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਅਤੇ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਨੌਜਵਾਨਾਂ ਤੇ ਔਰਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ’ਚ ਭਾਗ ਲਿਆ।