- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਆਹ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਕਾਲਜ ਬਟਾਲਾ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਉਪਰੰਤ ਕਥਾ, ਕਵੀਸ਼ਰੀ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਵਿਚਾਰਧਾਰਾ ਨਾਲ ਜੋੜਿਆ ਗਿਆ। ਕਥਾਵਾਚਕਾਂ ਅਤੇ ਕਵੀਸ਼ਰੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਵਿਆਹ ਪੁਰਬ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਰਾਗੀ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੇ ਨਾਲ-ਨਾਲ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਸਿੱਖ ਧਰਮ, ਸਿੱਖ ਇਤਿਹਾਸ ਅਤੇ ਸਿੱਖ ਸਾਹਿਤ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਬਟਾਲਾ ਸ੍ਰੀ ਨਰੇਸ਼ ਮਹਾਜਨ ਨੇ ਕਿਹਾ ਕਿ ਬਟਾਲੇ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਇਸੇ ਪਵਿੱਤਰ ਧਰਤੀ ’ਤੇ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਜੀ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਗੁਰੂ ਨਾਨਕ ਕਾਲਜ ਬਟਾਲਾ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਵੀ ਕਾਰਜਸ਼ੀਲ ਹੈ। ਇਸ ਮੌਕੇ ਪ੍ਰਿੰਸੀਪਲ ਬੇਰਿੰਗ ਯੂਨੀਅਨ ਕ੍ਰਿ਼ਸ਼ਚੀਅਨ ਡਾ. ਜਤਿੰਦਰਪਾਲ ਸਿੰਘ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਮੈਨੇਜਰ ਅੱਚਲ ਮਲਕੀਤ ਸਿੰਘ, ਪ੍ਰਿੰਸੀਪਲ ਬੀਬੀ ਬਲਵਿੰਦਰ ਕੌਰ, ਡਾ. ਗੁਰਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ। ਅੰਤ ਵਿੱਚ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ, ਵਿਦਿਆਰਥੀਆਂ, ਸਟਾਫ਼ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ।