ਕਣਕ ਦੇ ਐੱਮਐੱਸਪੀ ਵਿੱਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ : ਜੋਗਿੰਦਰ ਪਾਲ ਤੇ ਲੱਕੀ ਕਣਕ ਦੇ ਐੱਮਐੱਸਪੀ ਵਿੱਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ : ਜੋਗਿੰਦਰ ਪਾਲ ਤੇ ਲੱਕੀ
Publish Date: Fri, 02 Oct 2026 03:53 PM (IST)
Updated Date: Fri, 02 Oct 2026 03:55 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਲਖਵੀਰ ਸਿੰਘ ਲੱਕੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਦੀ ਲਾਗਤ, ਡੀਜ਼ਲ, ਖਾਦ, ਬੀਜ਼, ਮਜ਼ਦੂਰੀ, ਸਿੰਚਾਈ ਅਤੇ ਹੋਰ ਖੇਤੀਬਾੜੀ ਖਰਚਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ ਵਿੱਚ ਕਣਕ ਦੇ ਐੱਮਐੱਸਪੀ ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੀਆਂ ਉਮੀਦਾਂ ਦੇ ਅਨੁਕੂਲ ਨਹੀਂ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਖੁਰਾਕ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਉਚਿਤ ਮੁੱਲ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਜੋਗਿੰਦਰ ਪਾਲ ਅਤੇ ਲਖਵੀਰ ਸਿੰਘ ਲੱਕੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਆਪਣੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸਮੇਂ-ਸਮੇਂ ’ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਾਹਮਣੇ ਆਪਣੀ ਆਵਾਜ਼ ਉਠਾਉਂਦਾ ਰਿਹਾ ਹੈ। ਕਿਸਾਨਾਂ ਦੀ ਆਮਦਨ, ਖੇਤੀ ਲਾਗਤ ਅਤੇ ਮੰਡੀ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਦੇ ਸਮਰਥਨ ਮੁੱਲ ਵਿੱਚ ਲਗਭਗ 200 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੀ ਲੋੜ ਸੀ। ਉਨ੍ਹਾਂ ਕਿਹਾ ਕਿ 25 ਰੁਪਏ ਦਾ ਵਾਧਾ ਕਿਸਾਨਾਂ ਨੂੰ ਦਰਪੇਸ਼ ਅਸਲ ਆਰਥਿਕ ਚੁਣੌਤੀਆਂ ਦੇ ਮੁਕਾਬਲੇ ਬਹੁਤ ਹੀ ਸੀਮਤ ਹੈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ 2027-28 ਸੀਜ਼ਨ ਲਈ ਕਣਕ ਦੀ ਉਤਪਾਦਨ ਲਾਗਤ ਦਾ ਅਨੁਮਾਨ 1,264 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ ਅਤੇ ਐੱਮਐੱਸਪੀ 2,610 ਰੁਪਏ ਤੈਅ ਕੀਤਾ ਗਿਆ ਹੈ। ਸਰਕਾਰ ਨੇ ਇਸ ਨੂੰ ਲਾਗਤ ਦੇ ਮੁਕਾਬਲੇ 106 ਫ਼ੀਸਦੀ ਮਾਰਜਿਨ ਦੇ ਰੂਪ ਵਿੱਚ ਪੇਸ਼ ਕੀਤਾ ਹੈ।ਹਾਲਾਂਕਿ ਜੋਗਿੰਦਰ ਪਾਲ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਕਿਸਾਨ ਨੂੰ ਸਿਰਫ਼ ਸਰਕਾਰੀ ਲਾਗਤ ਦੇ ਅੰਕੜਿਆਂ ਨਾਲ ਨਹੀਂ, ਸਗੋਂ ਅਸਲ ਖੇਤੀ ਖਰਚਿਆਂ ਅਤੇ ਮੰਡੀ ਦੀਆਂ ਸਥਿਤੀਆਂ ਨਾਲ ਜੂਝਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਆਮਦਨ ਅਤੇ ਖੇਤੀਬਾੜੀ ਖੇਤਰ ਦੀਆਂ ਮੌਜੂਦਾ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਮਰਥਨ ਮੁੱਲ ਦੀ ਨੀਤੀ ’ਤੇ ਵਿਆਪਕ ਚਰਚਾ ਹੋਣੀ ਚਾਹੀਦੀ ਹੈ। ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਲਖਵੀਰ ਸਿੰਘ ਲੱਕੀ ਨੇ ਕਿਹਾ ਕਿ ਕਿਸਾਨਾਂ ਨੂੰ ਕੇਵਲ ਸਰਕਾਰੀ ਐਲਾਨਾਂ ਨਾਲ ਰਾਹਤ ਨਹੀਂ ਮਿਲੇਗੀ, ਸਗੋਂ ਉਨ੍ਹਾਂ ਦੀ ਖੇਤੀ ਨਾਲ ਜੁੜੀ ਲਾਗਤ ਘਟਾਉਣ ਅਤੇ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਨੂੰ ਭਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ, ਪਰ ਇਸ ਦੇ ਬਾਵਜੂਦ ਉਸ ਨੂੰ ਆਪਣੀ ਫ਼ਸਲ ਦੀ ਲਾਗਤ ਅਤੇ ਉਚਿਤ ਆਮਦਨ ਨੂੰ ਲੈ ਕੇ ਲਗਾਤਾਰ ਚਿੰਤਾ ਬਣੀ ਰਹਿੰਦੀ ਹੈ।