ਮੋਟਰਸਾਈਕਲ ’ਤੇ ਥਾਰ ਦੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ
ਮੋਟਰਸਾਈਕਲ ’ਤੇ ਥਾਰ ਦੀ ਹੋਈ ਭਿਆਨਕ ਟੱਕਰ, ਇੱਕ ਨੌਜਵਾਨ ਗੰਭੀਰ ਜ਼ਖਮੀ
Publish Date: Sat, 07 Feb 2026 06:11 PM (IST)
Updated Date: Sun, 08 Feb 2026 04:06 AM (IST)
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ
ਫਤਹਿਗੜ੍ਹ ਚੂੜੀਆਂ : ਬੀਤੀ ਰਾਤ ਫਤਹਿਗੜ੍ਹ ਚੂੜੀਆਂ ਡੇਰਾ ਬਾਬਾ ਨਾਨਕ ਰੋਡ ’ਤੇ ਪਿੰਡ ਨਿਕੋਸਰਾਂ ਨਜ਼ਦੀਕ ਪੈਟਰੋਲ ਪੰਪ ਦੇ ਸਾਹਮਣੇ ਇਕ ਸਪਲੈਂਡਰ ਮੋਟਰਸਾਈਕਲ ਅਤੇ ਥਾਰ ਗੱਡੀ ਵਿਚਕਾਰ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਾਇਆ ਗਿਆ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸਰਵਣ ਮਸੀਹ ਪੁੱਤਰ ਮੁਰਾਦ ਮਸੀਹ ਵਾਸੀ ਕਾਲਾਂ ਵਾਲੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਿੱਕੋਸਰਾਂ ਦੇ ਪੈਟਰੋਲ ਪੰਪ ਨਜ਼ਦੀਕ ਇੱਕ ਮੋਟਰਸਾਈਕਲ ਅਤੇ ਥਾਰ ਗੱਡੀ ਦਾ ਐਕਸੀਡੈਂਟ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਪੁੱਜ ਕੇ ਹਾਦਸੇ ਸਬੰਧੀ ਉਨ੍ਹਾਂ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਸਰਵਣ ਮਸੀਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਤਹਿਗੜ੍ਹ ਚੂੜੀਆਂ ਤੋਂ ਆਪਣੇ ਪਿੰਡ ਕਾਲਾਂਵਾਲੀ ਵਿਖੇ ਆ ਰਿਹਾ ਸੀ ਕਿ ਨਿਕੋਸਰਾਂ ਨਜ਼ਦੀਕ ਇੱਕ ਥਾਰ ਗੱਡੀ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਸਰਵਣ ਮਸੀਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਚਕਨਾਚੂਰ ਹੋ ਗਿਆ।