ਸਾਈਬਰ ਸਕਿਓਰਿਟੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਸਾਈਬਰ ਸਕਿਓਰਿਟੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ
Publish Date: Sat, 17 Oct 2026 04:17 PM (IST)
Updated Date: Sun, 18 Oct 2026 04:01 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈਸੀਟੀ ਅਕੈਡਮੀ ਅਤੇ ਆਈਬੀਐੱਮ ਦੇ ਸਹਿਯੋਗ ਨਾਲ ਸਾਈਬਰ ਸਕਿਓਰਿਟੀ (ਸਾਈਬਰ ਸੁਰੱਖਿਆ) ਵਿਸ਼ੇ ’ਤੇ ਇੱਕ ਵਿਸ਼ੇਸ਼ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੀਸੀਏ ਭਾਗ ਤੀਜਾ ਅਤੇ ਬੀਐੱਸਸੀ ਆਈਟੀ ਭਾਗ ਤੀਜਾ ਦੇ ਕੁੱਲ 65 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਡਿਜੀਟਲ ਯੁੱਗ ਦੀਆਂ ਤਕਨੀਕੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨਾ ਸੀ। ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਦੀਆਂ ਵੱਖ-ਵੱਖ ਕਿਸਮਾਂ, ਆਨਲਾਈਨ ਧੋਖਾਧੜੀ, ਹੈਕਿੰਗ, ਫਿਸ਼ਿੰਗ, ਪਾਸਵਰਡ ਦੀ ਸੁਰੱਖਿਆ ਅਤੇ ਨਿੱਜੀ ਡਾਟਾ ਦੀ ਸੁਰੱਖਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਸ਼ੱਕੀ ਲਿੰਕਾਂ ਅਤੇ ਈ-ਮੇਲਾਂ ਤੋਂ ਬਚਣ, ਸੋਸ਼ਲ ਮੀਡੀਆ ’ਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਸਮੇਂ ਸਾਵਧਾਨੀ ਵਰਤਣ ਅਤੇ ਆਨਲਾਈਨ ਵਿੱਤੀ ਲੈਣ-ਦੇਣ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੀ ਕੋਆਰਡੀਨੇਟਰ ਪ੍ਰੋ.ਅਮਨਦੀਪ ਕੌਰ ਨੇ ਇਸ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਅਹਿਮ ਭੂਮਿਕਾ ਨਿਭਾਈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ ਵਰਗੇ ਮਹੱਤਵਪੂਰਨ ਵਿਸ਼ਿਆਂ ਦਾ ਗਿਆਨ ਹਾਸਲ ਕਰਨਾ ਬਹੁਤ ਜ਼ਰੂਰੀ ਹੈ। ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਤਕਨੀਕੀ ਗਿਆਨ ਅਤੇ ਰੋਜ਼ਗਾਰ-ਮੁਖੀ ਹੁਨਰ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।ਇਸ ਮੌਕੇ ਪ੍ਰੋ. ਨੇਹਾ ਢੱਲ ਅਤੇ ਪ੍ਰੋ. ਪਲਕਪ੍ਰੀਤ ਕੌਰ ਵੀ ਹਾਜ਼ਰ ਸਨ।