- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਉਤਸ਼ਾਹ ਨਾਲ ਕਰਵਾਇਆ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ : ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਲਾਨੌਰ ਵਿਖੇ ਚੇਅਰਮੈਨ ਅਜੀਤ ਸਿੰਘ ਮੱਲੀ ਅਤੇ ਸੁਖਜੀਤ ਕੌਰ ਮੱਲੀ ਦੇ ਸਹਿਯੋਗ ਅਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਪਵਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸੁਨੀਲ ਕੁਮਾਰ, ਅਸਿਸਟੈਂਟ ਪ੍ਰੋਫੈਸਰ, ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਆਪਸੀ ਸਹਿਯੋਗ ਅਤੇ ਲੀਡਰਸ਼ਿਪ ਵਰਗੇ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਖੇਡ ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਉਪਰੰਤ ਸਕੂਲ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੇ ਵਿਦਿਆਰਥੀਆਂ ਨੇ ਆਪਣੇ ਹਾਊਸ ਕੈਪਟਨਾਂ, ਵਾਈਸ ਕੈਪਟਨਾਂ ਅਤੇ ਇੰਚਾਰਜਾਂ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ। ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿੱਚ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲੈਣ ਦਾ ਪ੍ਰਣ ਵੀ ਕੀਤਾ।
ਖੇਡ ਸਮਾਗਮ ਦੇ ਪਹਿਲੇ ਦਿਨ ਕਿੰਡਰਗਾਰਟਨ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਪੂਰੇ ਜੋਸ਼ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਦੂਜੇ ਦਿਨ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਦੌੜਾਂ, ਰਿਲੇਅ ਦੌੜਾਂ, ਰੱਸਾਕਸੀ, ਥ੍ਰੀ ਲੈੱਗ ਰੇਸ, ਵਾਲੀਬਾਲ ਅਤੇ ਹੋਰ ਐਥਲੈਟਿਕਸ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਓਵਰਆਲ ਟਰਾਫੀ ਆਪਣੇ ਨਾਮ ਕੀਤੀ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਖੇਡ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਡੀਪੀ ਅਧਿਆਪਕਾ ਤਜਿੰਦਰ ਕੌਰ, ਮਾਰਕਸ ਅਤੇ ਕਰਮਜੀਤ ਸਮੇਤ ਸਮੁੱਚੀ ਖੇਡ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਚੇਅਰਮੈਨ ਅਜੀਤ ਸਿੰਘ ਮੱਲੀ ਨੇ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।