‘ਆਪ’ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਰੋਕਣ ’ਚ ਅਸਫਲ ਰਹੀ : ਮਨਜੀਤ ਸਿੰਘ ਹੰਸਪਾਲ ‘ਆਪ’ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਫਲ ਰਹੀ : ਮਨਜੀਤ ਸਿੰਘ ਹੰਸਪਾਲ
Publish Date: Mon, 28 Sep 2026 05:12 PM (IST)
Updated Date: Mon, 28 Sep 2026 05:15 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਨੂੰ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਕਰੀਬ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸੂਬਾ ਸਰਕਾਰ ਇਨ੍ਹਾਂ ਸਮੱਸਿਆਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ’ਚ ਅਸਫਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਹੰਸਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਹੰਸਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਵੱਖਰੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਾਰਨ ਨੌਜਵਾਨ ਲਗਾਤਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਇਹ ਸਮੱਸਿਆ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਮਿਹਨਤ ਕਰਨ ਦੀ ਅਪੀਲ ਕੀਤੀ। ਕਾਂਗਰਸੀ ਆਗੂ ਨੇ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ’ਚ ਲੋਕਾਂ ਦੀ ਯੋਗ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਆਮ ਲੋਕਾਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸਰਕਾਰੀ ਪ੍ਰਬੰਧ ’ਚ ਪਾਰਦਰਸ਼ਤਾ ਯਕੀਨੀ ਬਣਾਉਣਾ ਜ਼ਰੂਰੀ ਹੈ।