- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਅਰੀ ਦੀ ਆੜ ’ਚ ਸ਼ਰਾਬ ਵੇਚਣ ਵਾਲਾ ਮੁਲਜ਼ਮ ਗ੍ਰਿਫਤਾਰ, 6 ਪੇਟੀਆਂ ਬਰਾਮਦ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ – ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਡੇਅਰੀ ਦੀ ਆੜ ਵਿੱਚ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਸੀ।
ਥਾਣਾ ਸਿਟੀ ਗੁਰਦਾਸਪੁਰ ਵਿਖੇ ਤਾਇਨਾਤ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਦੋਛੰਨੀ ਰੋਡ ਕਾਦਰੀ ਮੁਹੱਲਾ ਗੁਰਦਾਸਪੁਰ ਵਿਖੇ ਇੱਕ ਡੇਅਰੀ ਦੀ ਆੜ ਵਿੱਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕੀਤਾ ਜਾ ਰਿਹਾ ਹੈ। ਸੂਚਨਾ ਦੇ ਅਧਾਰ ਤੇ ਪੁਲਿਸ ਟੀਮ ਵੱਲੋਂ ਤੁਰੰਤ ਛਾਪਾ ਮਾਰ ਕੇ ਉਕਤ ਸਥਾਨ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਨੂੰ ਡੇਅਰੀ ਵਿੱਚੋਂ 6 ਪੇਟੀਆਂ (ਲਗਪਗ 72 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਦੇ ਨਾਲ ਹੀ ਪੁਲਿਸ ਨੇ ਡੇਅਰੀ ਚਲਾ ਰਹੇ ਵਿਅਕਤੀ ਮੁੰਨਾ ਸ਼ਰਮਾ ਵਾਸੀ ਹਰਦੋਛੰਨੀ ਰੋਡ ਕਾਦਰੀ ਮੁਹੱਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖਿਲਾਫ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਧੰਦੇ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਅੱਗੇ ਵੀ ਲਗਾਤਾਰ ਛਾਪੇਮਾਰੀ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਹੋਰ ਪਹਿਲੂਆਂ 'ਤੇ ਵੀ ਜਾਂਚ ਕਰ ਰਹੀ ਹੈ।