- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਾਈਡੈਂਸ ਕਾਰਨਰਾਂ, ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਗਤੀਵਿਧੀਆਂ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਕੀਤੀ ਸਮੀਖਿਆ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ : ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਕਾਦੀਆਂ-1 ਅਤੇ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਸਕੂਲਾਂ ਦਾ ਅਧਿਕਾਰਿਕ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਰਹੇ। ਦੌਰੇ ਦੌਰਾਨ ਸਰਕਾਰੀ ਹਾਈ ਸਕੂਲ ਤੁਗਲਵਾਲ, ਸਰਕਾਰੀ ਹਾਈ ਸਕੂਲ ਬਸਰਾਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਅਤੇ ਬਾਬਾ ਆਇਆ ਸਿੰਘ ਰਿਆੜਕੀ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲ ਦਾ ਦੌਰਾ ਕਰ ਕੇ ਵਿਦਿਆਰਥੀਆਂ ਨੂੰ ਕਿੱਤਾ-ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੁਕੇਸ਼ ਵਰਮਾ ਨੇ ਦੱਸਿਆ ਕਿ ਸਕੂਲਾਂ ਵਿੱਚ ਉਨ੍ਹਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਸਰਗਰਮੀਆਂ ਦੀ ਮੋਨੀਟਰਿੰਗ ਕਰਨ ਦੇ ਨਾਲ-ਨਾਲ ਗਾਈਡੈਂਸ ਕਾਰਨਰਾਂ, ਕਰੀਅਰ ਸਰਗਰਮੀਆਂ ਦੇ ਰਜਿਸਟਰਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਕਰਵਾਈ ਗਈ ਜਾਣਕਾਰੀ ਦਾ ਵੀ ਜਾਇਜ਼ਾ ਲਿਆ ਗਿਆ ਹੈ। ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬਾਬਾ ਆਇਆ ਸਿੰਘ ਰਿਆੜਕੀ ਸੀਨੀਅਰ ਸੈਕੰਡਰੀ ਸਕੂਲ ਤੁਗਲਵਾਲ ਦੇ ਮੁਖੀ ਗਗਨਦੀਪ ਸਿੰਘ ਵਿਰਕ ਵੱਲੋਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਬਲਾਕ ਗਾਈਡੈਂਸ ਕੌਂਸਲਰ ਰਾਜਪ੍ਰੀਤ ਸਿੰਘ ਢਿੱਲੋ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਕਰੀਅਰ ਗਾਈਡੈਂਸ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸਬੰਧੀ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਇਸ ਮਹੱਤਵਪੂਰਨ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਵੀ ਕੀਤਾ। ਦੌਰੇ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗਾਈਡੈਂਸ ਸਰਗਰਮੀਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਦਿਆਰਥੀਆਂ ਨੇ ਕਰੀਅਰ, ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸਬੰਧਤ ਆਪਣੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਪ੍ਰਾਪਤ ਕੀਤੇ।