- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਫ਼ਾਈ ਕਰਮਚਾਰੀਆਂ ਨੂੰ ਮੁਹੱਈਆ ਕਰਵਾਏ 60 ਨਵੇਂ ਰਿਕਸ਼ੇ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਸ਼ਹਿਰ ਨੂੰ ਹੋਰ ਸਾਫ਼-ਸੁਥਰਾ ਰੱਖਣ ਲਈ ਨਗਰ ਕੌਂਸਲ ਵੱਲੋਂ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਫ਼ਾਈ ਕਰਮਚਾਰੀਆਂ ਨੂੰ 60 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਗਏ।
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਸ਼ਹਿਰ ਤੋਂ ਕੂੜਾ ਚੁੱਕਣ ਲਈ 60 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਟਾਲਾ ਰੋਡ 'ਤੇ ਸਥਿਤ 51 ਪਿਟਸ ਸ਼ੁਰੂ ਕੀਤੇ ਗਏ ਹਨ, ਜਿੱਥੇ ਸੁੱਕੇ ਅਤੇ ਗਿੱਲੇ ਕੂੜੇ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ 40 ਪਿਟਸ ਲਈ 65 ਲੱਖ ਰੁਪਏ ਦਾ ਸੈਕਸ਼ਨ ਕਰਵਾ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼ਹਿਰ ਦਾ ਸਰਵੇ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਰੋਜ਼ਾਨਾ 28 ਤੋਂ 30 ਟਨ ਕੂੜਾ ਇਕੱਠਾ ਹੁੰਦਾ ਹੈ ਜਿਸ ਦੇ ਨਿਪਟਾਰੇ ਲਈ ਪਿਟਸ ਬਣਾਏ ਜਾ ਰਹੇ ਹਨ ਤਾਂ ਜੋ ਸੜਕਾਂ 'ਤੇ ਲੱਗੇ ਕੂੜੇ ਨੂੰ ਰਿਮੂਵ ਕੀਤਾ ਜਾ ਸਕੇ। ਜਿਸ ਦੇ ਮੱਦੇਨਜ਼ਰ ਅੱਜ ਕਰਮਚਾਰੀਆਂ ਨੂੰ ਰਿਕਸ਼ਾ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰਿਕਸ਼ਿਆਂ ਦੇ ਰਾਹੀਂ ਕਰਮਚਾਰੀ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਲੈ ਕੇ ਆਉਣਗੇ। ਨਗਰ ਕੌਂਸਲ ਦਾ ਉਪਰਾਲਾ ਹੈ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾਵੇ। ਪਾਹੜਾ ਨੇ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਨਵੇਂ ਰਿਕਸ਼ੇ ਮਿਲਣ ਨਾਲ ਸਫ਼ਾਈ ਕਰਮਚਾਰੀਆਂ ਨੂੰ ਕੂੜਾ ਚੁੱਕਣ ਵਿੱਚ ਕਾਫ਼ੀ ਸੁਵਿਧਾ ਹੋਵੇਗੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਪੂਰਾ ਉਪਰਾਲਾ ਹੈ ਕਿ ਸ਼ਹਿਰਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਸ਼ਹਿਰ ਨੂੰ ਸਵੱਛ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਸਫ਼ਾਈ ਕਰਮਚਾਰੀਆਂ ਨੂੰ ਵੱਖ-ਵੱਖ ਦਿੱਤਾ ਕਰਨ, ਜਦਕਿ ਸੜਕਾਂ 'ਤੇ ਕੂੜਾ ਸੁੱਟਣਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇਕਰ ਲੋਕ ਸਫ਼ਾਈ ਵਿਵਸਥਾ ਵਿੱਚ ਆਪਣਾ ਸਹਿਯੋਗ ਦੇਣਗੇ, ਤਾਂ ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।