- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕਰਤਾਰਪੁਰ ਲਾਂਘੇ ਨੂੰ ਲੱਗੀ ਨਜ਼ਰ, ਅਰਬਾਂ ਰੁਪਏ ਦੀ ਲਾਗਤ ਨਾਲ ਬਣਿਆ ਲਾਂਘਾ ਪਿਆ ਸੁੰਨਾ

ਲੀਡ...)
-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਨਹੀਂ ਖੁੱਲ੍ਹਿਆ ਲਾਂਘਾ, ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਕਰਤਾਰਪੁਰ ਲਾਂਘੇ ਨੂੰ ਲੱਗੀ ਨਜ਼ਰ
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰੋੜਾਂ-ਅਰਬਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ। ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਇੱਕ ਵਾਰ ਫਿਰ ਸੁੰਨਾ ਪਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬੰਦ ਕੀਤੇ ਕਰਤਾਰਪੁਰ ਲਾਂਘੇ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਨਹੀਂ ਖੋਲ੍ਹਿਆ ਗਿਆ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ 2019 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਤੇ ਪਾਕਿਸਤਾਨ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਇਸ ਰਸਤੇ ਰਾਹੀਂ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੀ ਸੀ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਵਿਛੜੇ ਕਈ ਪਰਿਵਾਰਾਂ ਨੂੰ ਵੀ ਇੱਕ-ਦੂਜੇ ਨੂੰ ਮਿਲਣ ਦਾ ਮੌਕਾ ਮਿਲਿਆ। ਬਿਕਰਮਜੀਤ ਸਿੰਘ ਭੱਟੀ, ਭਾਈ ਰਣਜੀਤ ਸਿੰਘ ਖਾਲਸਾ, ਭਾਈ ਰਜਿੰਦਰ ਸਿੰਘ ਭੰਗੂ, ਬਾਬਾ ਅਵਤਾਰ ਸਿੰਘ ਬੇਦੀ ਅਤੇ ਐਡਵੋਕੇਟ ਪਰਮੀਤ ਸਿੰਘ ਬੇਦੀ ਸਮੇਤ ਨਾਨਕ ਨਾਮਲੇਵਾ ਸੰਗਤ ਨੇ ਦੱਸਿਆ ਕਿ ਦੇਸ਼ ਦੀ ਵੰਡ ਸਮੇਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੀ ਹੱਦ ਵਿੱਚ ਚਲਾ ਗਿਆ ਸੀ। ਰਾਵੀ ਦਰਿਆ ਦੇ ਪਾਰ ਸਥਿਤ ਇਸ ਅਸਥਾਨ ਦੇ ਦਰਸ਼ਨਾਂ ਲਈ ਸ਼ਰਧਾਲੂ ਦਹਾਕਿਆਂ ਤੱਕ ਅਰਦਾਸਾਂ ਕਰਦੇ ਰਹੇ। ਆਖ਼ਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀ ਅਰਦਾਸ ਪੂਰੀ ਹੋਈ ਤੇ 72 ਸਾਲਾਂ ਬਾਅਦ ਕਰਤਾਰਪੁਰ ਲਾਂਘਾ ਖੋਲ੍ਹਿਆ।•
ਕੋਰੋਨਾ ਦੌਰਾਨ 16 ਮਾਰਚ 2020 ਨੂੰ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ 17 ਨਵੰਬਰ 2021 ਨੂੰ ਇਸ ਨੂੰ ਮੁੜ ਖੋਲ੍ਹ ਦਿੱਤਾ ਸੀ। ਸ਼•ਰਧਾਲੂ ਲਗਾਤਾਰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਰਹੇ। ਹਾਲਾਂਕਿ 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ ਇਸ ਲਾਂਘੇ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ। ਸ਼ਰਧਾਲੂਆਂ ਨੇ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਵੀ ਲਾਂਘਾ ਬੰਦ ਰਹਿਣ ਕਾਰਨ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਸ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਸ ਸੀ, ਪਰ ਲਾਂਘਾ ਨਾ ਖੁੱਲ੍ਹਣ ਕਾਰਨ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ। ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਖ-ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵੀ ਕੇਂਦਰ ਸਰਕਾਰ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਚੁੱਕੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਸੰਗਤ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ। ਇਸ ਦੇ ਬਾਵਜੂਦ ਹਾਲੇ ਤੱਕ ਲਾਂਘਾ ਖੋਲ੍ਹਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ।
-ਹਰ ਮੱਸਿਆ ਨੂੰ ਸਰਹੱਦ ’ਤੇ ਹੁੰਦੀ ਰਹੀ ਅਰਦਾਸ
ਸ਼੍ਰੀ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਚੇਅਰਮੈਨ ਭਾਈ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵਰਗੀ ਕੁਲਦੀਪ ਸਿੰਘ ਵਡਾਲਾ ਨੇ ਕਰਤਾਰਪੁਰ ਸਾਹਿਬ ਦਾ ਰਸਤਾ ਖੁੱਲ੍ਹਵਾਉਣ ਲਈ ਇਸ ਸੰਸਥਾ ਦੀ ਸਥਾਪਨਾ ਕੀਤੀ ਸੀ। ਸੰਸਥਾ ਵੱਲੋਂ ਲਗਾਤਾਰ 18 ਸਾਲਾਂ ਤੱਕ ਹਰ ਮਹੀਨੇ ਮੱਸਿਆ ਵਾਲੇ ਦਿਨ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਸੰਗਤ ਦੇ ਨਾਲ ਅਰਦਾਸ ਕੀਤੀ ਜਾਂਦੀ ਰਹੀ। ਇਸ ਦੌਰਾਨ ਕੁੱਲ 226 ਵਾਰ ਅਰਦਾਸ ਕੀਤੀ ਗਈ। ਸੰਗਤ ਦੀਆਂ ਇਨ੍ਹਾਂ ਲੰਮੀਆਂ ਅਰਦਾਸਾਂ ਅਤੇ ਯਤਨਾਂ ਸਦਕਾ ਹੀ 9 ਨਵੰਬਰ 2019 ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸੁਪਨਾ ਸਾਕਾਰ ਹੋਇਆ। ਉਨ੍ਹਾਂ ਦੱਸਿਆ ਕਿ ਲਾਂਘਾ ਬੰਦ ਹੋਣ ਤੋਂ ਬਾਅਦ ਵੀ ਸੰਸਥਾ ਵੱਲੋਂ ਹਰ ਮਹੀਨੇ ਮੱਸਿਆ ਵਾਲੇ ਦਿਨ ਸਰਹੱਦ ’ਤੇ ਅਰਦਾਸ ਕੀਤੀ ਜਾ ਰਹੀ ਹੈ, ਤਾਂ ਜੋ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਇਸ ਰਸਤੇ ਨੂੰ ਖੋਲ੍ਹਣ ਦਾ ਫ਼ੈਸਲਾ ਕਰੇ।
-ਲੈਂਡ ਪੋਰਟ ਅਥਾਰਟੀ ਵੱਲੋਂ ਟਰਮੀਨਲ ’ਚ ਸਾਰੇ ਪ੍ਰਬੰਧ ਮੁਕੰਮਲ
ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਐਕੁਆਇਰ ਕੀਤੀ ਗਈ ਕਰੀਬ 54 ਏਕੜ ਜ਼ਮੀਨ ਵਿੱਚ ਆਧੁਨਿਕ ਯਾਤਰੀ ਟਰਮੀਨਲ, ਬੀਐੱਸਐੱਫ ਕੰਪਲੈਕਸ, ਪਾਰਕਿੰਗ ਸਮੇਤ ਹੋਰ ਸਹੂਲਤਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਇਹ ਸਾਰਾ ਕੰਪਲੈਕਸ ਸ਼ਰਧਾਲੂਆਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਸੀ। ਪਿਛਲੇ ਸਮੇਂ ਦੌਰਾਨ ਰਾਵੀ ਦਰਿਆ ’ਚ ਆਏ ਹੜ੍ਹ ਦੇ ਤੇਜ਼ ਵਹਾਅ ਕਾਰਨ ਟਰਮੀਨਲ ਤੋਂ ਅੱਗੇ ਪਾਕਿਸਤਾਨ ਵੱਲ ਜਾਣ ਵਾਲੇ ਰਸਤੇ ’ਤੇ ਦੋਵਾਂ ਦੇਸ਼ਾਂ ਦੀ ਤਰਫ਼ੋਂ ਬਣਾਏ ਗਏ ਗੇਟ ਨੁਕਸਾਨੇ ਗਏ ਸਨ। ਹਾਲਾਂਕਿ ਭਾਰਤੀ ਲੈਂਡ ਪੋਰਟ ਅਥਾਰਟੀ ਵੱਲੋਂ ਟਰਮੀਨਲ ਤੋਂ ਕਰਤਾਰਪੁਰ ਲਾਂਘੇ ਤੱਕ ਜਾਣ ਵਾਲੇ ਰਸਤੇ ਦੀ ਮੁੜ ਉਸਾਰੀ ਕਰਵਾ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਦੀ ਜ਼ੀਰੋ ਲਾਈਨ ’ਤੇ ਬਣਾਏ ਗਏ ਚਾਰ ਮਾਰਗੀ ਲਾਂਘੇ ਅਤੇ ਦੋਵਾਂ ਦੇਸ਼ਾਂ ਦੇ ਪ੍ਰਵੇਸ਼ ਦੁਆਰਾਂ ਨਾਲ ਸਬੰਧਤ ਜ਼ਰੂਰੀ ਕੰਮ ਵੀ ਮੁਕੰਮਲ ਕਰ ਲਏ ਗਏ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਲੈਂਡ ਪੋਰਟ ਅਥਾਰਟੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸ਼ਰਧਾਲੂਆਂ ਦੀ ਆਵਾਜਾਈ ਲਈ ਸਾਰੇ ਪ੍ਰਬੰਧ ਦਰੁਸਤ ਅਤੇ ਤਸੱਲੀਬਖ਼ਸ਼ ਰੱਖੇ ਜਾਣ। ਇਸੇ ਕਾਰਨ ਟਰਮੀਨਲ ’ਤੇ ਲੋੜੀਂਦੇ ਪ੍ਰਬੰਧ ਪੂਰੇ ਰੱਖੇ ਜਾ ਰਹੇ ਹਨ, ਤਾਂ ਜੋ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਸਮੇਂ ਲਾਂਘਾ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾ ਸਕਣ।