ਖੇਤੀਬਾੜੀ ਵਿਭਾਗ ਤੇ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੱਢੀ ਰੈਲੀ ਖੇਤੀਬਾੜੀ ਵਿਭਾਗ ਤੇ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੱਢੀ ਰੈਲੀ
Publish Date: Wed, 07 Oct 2026 03:50 PM (IST)
Updated Date: Wed, 07 Oct 2026 03:53 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਪਿੰਡ ਖੁਸ਼ੀਪੁਰ ਵਿਖੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਏਈਓ ਅੰਮ੍ਰਿਤਪਾਲ ਕੌਰ ਦੀ ਦੇਖਰੇਖ ਹੇਠ ਖੇਤੀਬਾੜੀ ਵਿਭਾਗ ਤੇ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਰੈਲੀ ਕੱਢੀ ਅਤੇ ਸ਼ਹੀਦ ਬਲਦੇਵ ਸਿੰਘ ਹਾਈ ਸਕੂਲ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਵੀ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਕਟਾਈ ਸ਼ੁਰੂ ਹੁੰਦਿਆਂ ਹੀ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਤੋਂ ਇਲਾਵਾ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਸਬੰਧੀ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸ਼ਹੀਦ ਬਲਦੇਵ ਸਿੰਘ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਕੈਂਪ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਉੱਥੇ ਅੱਗ ਲੱਗਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਮਿੱਤਰ ਕੀੜੇ ਜ਼ਮੀਨ ਵਿੱਚ ਨਸ਼ਟ ਹੋ ਜਾਂਦੇ ਹਨ। ਇਸ ਮੌਕੇ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਉਹ ਆਪਣੇ ਮਾਪਿਆਂ ਅਤੇ ਖੇਤਾਂ ਦੇ ਮਾਲਕ ਕਿਸਾਨਾਂ ਨੂੰ ਪਰਾਲੀ ਦੀ ਅੱਗ ਬੁਝਾਉਣ ਸਬੰਧੀ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਖੁਸ਼ੀਪੁਰ ਪਿੰਡ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਰੈਲੀ ਵੀ ਕੱਢੀ ਗਈ। ਇਸ ਮੌਕੇ ਤੇ ਸਕੂਲੀ ਵਿਦਿਆਰਥੀਆਂ ਦੇ ਪਰਾਲੀ ਪ੍ਰਬੰਧਨ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸਕੂਲ ਅਧਿਆਪਕ ਗੁਰਮੁਖ ਸਿੰਘ, ਸਤਨਾਮ ਸਿੰਘ, ਡਾਕਟਰ ਸਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੌਰ ਆਦਿ ਹਾਜ਼ਰ ਸਨ।