ਪਰਾਲੀ ਪ੍ਰਬੰਧਨ ਨੂੰ ਲੈ ਕੇ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤੇਜ਼ ਪਰਾਲੀ ਪ੍ਰਬੰਧਨ ਨੂੰ ਲੈ ਕੇ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤੇਜ਼
Publish Date: Sat, 03 Oct 2026 05:40 PM (IST)
Updated Date: Sat, 03 Oct 2026 05:40 PM (IST)
ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਚੀਮਾ ਪੰਜਾਬੀ ਜਾਗਰਣ ਟੀਮ, ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ’ਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਪਿੰਡ ਪੱਧਰ ਤੱਕ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲੇ ਪੱਧਰ ਤੇ ਇੱਕ ਬਲਾਕ ਪੱਧਰ ਤੇ 20 ਕੈਂਪ ਅਤੇ ਪਿੰਡ ਪੱਧਰ ਤੇ 200 ਤੋਂ ਵੱਧ ਕਿਸਾਨ ਸਿਖਲਾਈ ਕੈਂਪ ਲਗਵਾ ਦਿੱਤੇ ਗਏ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਭਗ 1.70 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ। ਇੰਨੇ ਵੱਡੇ ਰਕਬੇ ’ਚ ਝੋਨੇ ਦੀ ਕਟਾਈ ਤੋਂ ਬਾਅਦ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਭਾਗ ਵੱਲੋਂ ਪਹਿਲਾਂ ਹੀ ਵਿਸਥਾਰਤ ਯੋਜਨਾ ਤਿਆਰ ਕਰਕੇ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਸਾੜਨ ਦੀਆਂ 86 ਘਟਨਾਵਾਂ 69 ਪਿੰਡਾਂ ’ਚ ਦਰਜ ਹੋਈਆਂ ਸਨ। ਇਨ੍ਹਾਂ ਘਟਨਾਵਾਂ ਵਾਲੇ ਪਿੰਡਾਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਬੱਧ ਕਰਕੇ ਇਸ ਸਾਲ ਉਨ੍ਹਾਂ ਪਿੰਡਾਂ ’ਚ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡ ਪੱਧਰ ਅਤੇ ਬਲਾਕ ਪੱਧਰ ’ਤੇ ਕਿਸਾਨਾਂ ਨਾਲ ਮੀਟਿੰਗਾਂ ਅਤੇ ਜਾਗਰੂਕਤਾ ਕੈਂਪ ਕਰ ਰਹੀਆਂ ਹਨ। ਡਾ. ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਲਗਭਗ 7,592 ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਮੌਜੂਦਾ ਸਾਲ ਦੌਰਾਨ ਲਗਭਗ 1,575 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਣ। ਉਨ੍ਹਾਂ ਦੱਸਿਆ ਕਿ ਉਪਲਬਧ ਮਸ਼ੀਨਰੀ ’ਚ ਵੱਡੀ ਗਿਣਤੀ ਸੁਪਰ ਸੀਡਰ, ਰੇਕ ਅਤੇ ਬੇਲਰ ਆਦਿ ਮਸ਼ੀਨਾਂ ਦੀ ਹੈ। ਇਸ ਸੀਜ਼ਨ ਦੌਰਾਨ ਜ਼ਿਲ੍ਹੇ ’ਚ ਲਗਭਗ 115 ਨਵੇਂ ਰੇਕ ਅਤੇ ਬੇਲਰ ਉਪਲਬਧ ਹੋਏ ਹਨ। ਪੁਰਾਣੀ ਅਤੇ ਨਵੀਂ ਮਸ਼ੀਨਰੀ ਨੂੰ ਮਿਲਾ ਕੇ ਇਸ ਸਮੇਂ ਜ਼ਿਲ੍ਹੇ ’ਚ ਲਗਭਗ 300 ਰੇਕ-ਬੇਲਰ ਪਰਾਲੀ ਪ੍ਰਬੰਧਨ ਦੇ ਕੰਮ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ’ਚ ਹੀ ਯੋਗ ਤਕਨੀਕ ਰਾਹੀਂ ਸੰਭਾਲਿਆ ਜਾਵੇ ਜਾਂ ਰੇਕ-ਬੇਲਰ ਆਦਿ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢ ਕੇ ਇਸ ਦਾ ਢੁੱਕਵਾਂ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ‘ਪਰਾਲੀ ਨੂੰ ਅੱਗ ਲਗਾਉਣਾ ਹੱਲ ਨਹੀਂ ਹੈ, ਸਗੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਹੀ ਟਿਕਾਊ ਖੇਤੀ ਅਤੇ ਸਾਫ਼ ਵਾਤਾਵਰਣ ਵੱਲ ਇੱਕ ਮਹੱਤਵਪੂਰਨ ਕਦਮ ਹੈ।’