ਲੋਕਾਂ ਦੇ ਸਹਿਯੋਗ ਨਾਲ ਬਣੇਗੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ : ਬੁੱਟਰ ਲੋਕਾਂ ਦੇ ਸਹਿਯੋਗ ਨਾਲ ਬਣੇਗੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ: ਬੁੱਟਰ
Publish Date: Fri, 27 Nov 2026 04:11 PM (IST)
Updated Date: Sat, 28 Nov 2026 04:04 AM (IST)
ਫੋਟੋ: 27ਬੀਟੀਐਲ10 ਯਾਦਵਿੰਦਰ ਸਿੰਘ ਬੁੱਟਰ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਸਕਾਰਾਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਹ ਗਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਇੱਕ ਮਜ਼ਬੂਤ ਵਿਕਲਪ ਸਾਬਤ ਹੋਵੇਗਾ। ਇਹ ਵਿਚਾਰ ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਬੁੱਟਰ ਵਲੋ ਪ੍ਰਗਟ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਗਠਜੋੜ ਰਾਹੀਂ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ ਅਤੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਯਾਦਵਿੰਦਰ ਬੁੱਟਰ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਆਪਸੀ ਵਿਸ਼ਵਾਸ ਬਹੁਤ ਜ਼ਰੂਰੀ ਹਨ। ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਨਾਲ ਸੰਪਰਕ ਵਧਾਉਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕਾਂ ਦਾ ਵਿਸ਼ਵਾਸ ਹੁੰਦਾ ਹੈ। ਜੇਕਰ ਦੋਵੇਂ ਪਾਰਟੀਆਂ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਗਠਜੋੜ ਨੂੰ ਹੋਰ ਮਜ਼ਬੂਤੀ ਮਿਲੇਗੀ। ਅੰਤ ਵਿੱਚ ਯਾਦਵਿੰਦਰ ਬੁੱਟਰ ਨੇ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਦੇ ਸਹਿਯੋਗ ਅਤੇ ਸਮਰਥਨ ਨਾਲ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਗਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਵਿੱਚ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ ਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੰਮ ਕੀਤਾ ਜਾਵੇਗਾ।