- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਦਾ ਗਠਜੋੜ ਪੰਜਾਬ ਦੇ ਹਿੱਤਾਂ ਨਾਲੋਂ ਵੱਧ ਸੱਤਾ ਬਚਾਉਣ ਦੀ ਕੋਸ਼ਿਸ਼ : ਸਤੀਸ਼ ਜੱਟ ਪੰਮਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਦੁਬਾਰਾ ਇੱਕਠੇ ਹੋਣ ’ਤੇ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਇਸੇ ਕੜੀ ਵਿੱਚ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਗਠਜੋੜ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਪਹਿਲਾਂ ਪੰਜਾਬ ਦੀ ਜਨਤਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਆਖ਼ਰ 2020 ਵਿੱਚ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਇੱਕ-ਦੂਜੇ ਦਾ ਸਾਥ ਛੱਡਿਆ ਸੀ, ਕੀ ਅੱਜ ਉਨ੍ਹਾਂ ਸਾਰੇ ਮੁੱਦਿਆਂ ਦਾ ਸਮਾਧਾਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਪੈਦਾ ਹੋਈਆਂ ਦੂਰੀਆਂ ਪੂਰੇ ਦੇਸ਼ ਨੇ ਦੇਖੀਆਂ ਸਨ। ਕਿਸਾਨਾਂ ਦੀਆਂ ਕੁਰਬਾਨੀਆਂ, ਖੇਤੀ ਕਾਨੂੰਨਾਂ ਦਾ ਮੁੱਦਾ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਵਰਗੇ ਸਵਾਲ ਅੱਜ ਵੀ ਅਹਿਮ ਹਨ। ਅਜਿਹੇ ਵਿੱਚ ਦੋਵਾਂ ਦਲਾਂ ਦਾ ਦੁਬਾਰਾ ਹੱਥ ਮਿਲਾਉਣਾ ਕਈ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਇਸ ਗਠਜੋੜ ਨਾਲ ਉਨ੍ਹਾਂ ਦੇ ਜੀਵਨ ਵਿੱਚ ਕੀ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ੇ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਆਰਥਿਕ ਚੁਣੌਤੀਆਂ ਨਾਲ ਜੂਝ ਰਿਹਾ ਹੈ। ਨੌਜਵਾਨ ਰੁਜ਼ਗਾਰ ਦੀ ਤਲਾਸ਼ ਵਿੱਚ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ, ਜਦਕਿ ਵਪਾਰੀ ਵਰਗ ਆਪਣੀ ਸੁਰੱਖਿਆ ਅਤੇ ਕਾਰੋਬਾਰ ਨੂੰ ਲੈ ਕੇ ਚਿੰਤਤ ਹੈ। ਇਨ੍ਹਾਂ ਸਮੱਸਿਆਵਾਂ ਦਾ ਸਮਾਧਾਨ ਰਾਜਨੀਤਿਕ ਸਮਝੌਤਿਆਂ ਨਾਲ ਨਹੀਂ, ਬਲਕਿ ਠੋਸ ਨੀਤੀਆਂ ਅਤੇ ਇਮਾਨਦਾਰ ਯਤਨਾਂ ਨਾਲ ਹੋਵੇਗਾ। ਸਤੀਸ਼ ਜੱਟ ਪੰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਿੱਤਾਂ, ਕਿਸਾਨਾਂ ਦੇ ਅਧਿਕਾਰਾਂ ਅਤੇ ਆਮ ਜਨਤਾ ਦੀ ਆਵਾਜ਼ ਉਠਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪਣੇ ਭਵਿੱਖ, ਰੁਜ਼ਗਾਰ, ਸੁਰੱਖਿਆ ਅਤੇ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਕਰਨਗੇ।