ਸਟਾਫ ਰਿਪੋਟਰ, ਪਠਾਨਕੋਟ : ਭਾਜਪਾ ਦੇ ਸਾਬਕਾ ਮੰਤਰੀ ਤੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਨੇ ਵੀਰਵਾਰ ਨੂੰ ਪ੍ਰਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਦੇ ਹਿੱਤ 'ਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਨੂੰਨਾਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਤੇ ਉਨ੍ਹਾਂ ਦੀ ਆਮਦਨ 'ਚ ਵਾਧਾ ਹੋਵੇਗਾ। ਕਾਂਗਰਸ ਤੇ ਹੋਰ ਪਾਰਟੀਆਂ ਦੇ ਨੇਤਾਵਾਂ ਦੇ ਗੁੰਮਰਾਹਕੁੰਨ ਤੇ ਗਲਤ ਬਿਆਨਾਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨਾਂ ਕਾਨੂੰਨਾਂ 'ਚ ਕਿਸਾਨਾਂ ਦੀ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਤੇ ਨਾ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 10 ਸਾਲ ਸੱਤਾ 'ਚ ਰਹੀ, ਪਰ ਕਾਂਗਰਸ ਨੇ ਇਸ ਨੂੰ ਲਾਗੂ ਨਹੀਂ ਕੀਤਾ। ਮੋਦੀ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਦੀ ਮਹੱਤਵਪੂਰਣ ਸਿਫਾਰਸ਼ ਨੂੰ ਲਾਗਤ ਮੁੱਲ ਨਾਲ ਜੋੜ ਕੇ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਹਾਲ ਹੀ 'ਚ ਹੋਈ ਪੰਜਾਬ ਵਰਚੁਅਲ ਰੈਲੀ 'ਚ ਐਲਾਨ ਕੀਤਾ ਹੈ ਕਿ ਐੱਮਐੱਸਪੀਸੀ, ਐੱਮਐੱਸਪੀ ਹੈ ਅਤੇ ਐੱਮਐੱਸਪੀ ਰਹੇਗੀ, ਕਿਸੇ ਨੂੰ ਇਸ ਦੀ ਚਿੰਤਾ ਨਹੀਂ ਕਰਨੀ ਚਾਹੀਦੀ। ਭਾਰਤੀ ਜਨਤਾ ਪਾਰਟੀ ਐੱਮਐੱਸਪੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਜਿਸ ਨੇ ਦੇਸ ਵਿਚ ਐਮਰਜੈਂਸੀ ਲਗਾਈ ਸੀ, ਨੇ ਧਾਰਾ 356 ਦੀ ਦੁਰਵਰਤੋਂ ਕਰ ਕੇ ਸੂਬਾ ਸਰਕਾਰਾਂ ਨੂੰ ਬਰਖਾਸਤ ਕਰ ਦਿੱਤਾ ਸੀ ਤੇ ਅੱਜ ਉਸ ਨੂੰ ਸੰਘੀ ਢਾਂਚੇ ਦੀ ਗੱਲ ਕਰਨਾ ਸ਼ੋਭਾ ਨਹੀਂ ਦਿੰਦਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ 'ਤੇ ਇਨ੍ਹਾਂ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਪਹਿਲਾਂ ਕੇਂਦਰ ਵੱਲੋਂ ਪਾਸ ਕੀਤੇ ਕਾਨੂੰਨਾਂ ਬਾਰੇ ਚੰਗੀ ਤਰ੍ਹਾਂ ਪੜ੍ਹ ਲੈਣਾ ਚਾਹੀਦਾ ਹੈ ਤੇ ਫਿਰ ਧਿਆਨ ਨਾਲ ਇਸ ਬਾਰੇ ਬਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 73 ਸਾਲਾਂ ਬਾਅਦ, ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਨੂੰ ਆਜ਼ਾਦੀ ਦਿੱਤੀ ਹੈ ਤੇ ਹੁਣ ਕਿਸਾਨ ਬਿਨਾਂ ਕਿਸੇ ਰੁਕਾਵਟ ਅਤੇ ਟੈਕਸ ਦੇ ਸੂਬੇ ਜਾਂ ਦੇਸ ਦੇ ਕਿਸੇ ਵੀ ਹਿੱਸੇ 'ਚ ਆਪਣੀ ਮਰਜ਼ੀ ਨਾਲ ਆਪਣੀ ਫਸਲ ਆਪਣੇ ਨਿਰਧਾਰਤ ਮੁੱਲ 'ਤੇ ਵੇਚ ਸਕਦੇ ਹਨ। ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਸਾਰੇ ਨੇਤਾਵਾਂ ਨੂੰ ਰਾਜਨੀਤਿਕ ਮੰਤਵ ਤੋਂ ਉੱਪਰ ਉੱਠ ਕੇ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।