ਸ਼ਾਮ ਸਿੰਘ ਘੁੰਮਣ, ਦੀਨਾਨਗਰ : ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੀਨਾਨਗਰ ਵਿਖੇ ਮੰਤਰੀ ਅਰੁਣਾ ਚੌਧਰੀ ਦੇ ਘਰ ਦੇ ਬਾਹਰ ਛੇਵੇਂ ਦਿਨ ਵੀ ਧਰਨਾ ਜਾਰੀ ਰੱਖਿਆ। ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਧਰਨੇ ਦੇ ਛੇਵੇਂ ਦਿਨ ਆਂਗਨਵਾੜੀ ਵਰਕਰਾਂ ਨੇ ਖਾਲੀ ਭਾਂਡੇ ਖੜਕਾ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਤੇ ਸੂਬਾ ਜੁਆਇੰਟ ਸਕੱਤਰ ਗੁਰਦੀਪ ਕੌਰ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਮਹਿਕਮੇਂ ਦੀ ਮੰਤਰੀ ਅਰੁਣਾ ਚੌਧਰੀ ਨੂੰ ਮਹਿਕਮੇ ਦੇ ਕਿਸੇ ਵੀ ਕੰਮ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਨਾਲ ਜਦੋਂ ਵੀ ਅਪਣੀਆਂ ਮੰਗਾਂ ਦੇ ਸਬੰਧ ਵਿਚ ਕਿਸੇ ਨੁਕਤੇ 'ਤੇ ਗੱਲ ਕੀਤੀ ਜਾਂਦੀ ਹੈ ਤਾਂ ਮੰਤਰੀ ਅੱਗੋਂ ਹੈਰਾਨੀ ਪ੍ਰਗਟ ਕਰਦੇ ਹੋਏ ਕਹਿ ਦਿੰਦੇ ਹਨ ਕਿ ਇਹ ਗੱਲ ਓਨਾਂ ਦੇ ਧਿਆਨ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਦੇ ਧਿਆਨ ਵਿਚ ਹੀ ਮਹਿਕਮੇ ਦੇ ਮਸਲੇ ਨਹੀਂ ਹਨ ਤਾਂ ਫਿਰ ਓਨਾ ਦਾ ਇਸ ਮਹਿਕਮੇ ਦਾ ਮੰਤਰੀ ਬਣੇ ਰਹਿਣ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਲਾਭ ਨਹੀਂ। ਉਹਨਾਂ ਕਿਹਾ ਕਿ ਸਰਕਾਰ ਨੇ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਤੇ ਅਨੂਪ ਕੌਰ, ਬਲਵਿੰਦਰ ਕੌਰ, ਗੁਰਜੀਤ ਕੌਰ, ਕੁਲਵਿੰਦਰ ਕੌਰ, ਕ੍ਰਿਸ਼ਨਾ ਦੇਵੀ, ਕਾਂਤਾ, ਨੀਲਮ, ਇੰਦਰ ਕੌਰ, ਹਰਭਜਨ ਕੌਰ ਅਤੇ ਰੁਪਿੰਦਰ ਕੌਰ ਵੀ ਹਾਜ਼ਰ ਸਨ।