ਆਂਗਣਵਾੜੀ ਵਰਕਰਾਂ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਤੋਂ ਇਨਕਾਰ ਦੀ ਚੇਤਾਵਨੀ ਆਂਗਣਵਾੜੀ ਵਰਕਰਾਂ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਤੋਂ ਇਨਕਾਰ ਦੀ ਚੇਤਾਵਨੀ
Publish Date: Fri, 18 Sep 2026 04:28 PM (IST)
Updated Date: Fri, 18 Sep 2026 04:29 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ, ਸੂਬਾ ਸਕੱਤਰ ਹਰਪ੍ਰੀਤ ਕੌਰ ਸਿੰਘਪੁਰਾ, ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਕੰਵਲਜੀਤ ਕੌਰ ਚਾਹਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਸ੍ਰੀ ਹਰਗੋਬਿੰਦਪੁਰ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਰੁਪਿੰਦਰ ਕੌਰ ਪੰਡੋਰੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਸੁਪਰਡੈਂਟ ਵਿਜੇ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਉਨ੍ਹਾਂ ਤੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਲਏ ਜਾਣ ਤੇ ਆਪਣਾ ਇਤਰਾਜ਼ ਦਰਜ ਕਰਵਾਇਆ। ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਪਹਿਲਾਂ ਹੀ ਆਪਣੇ ਵਿਭਾਗ ਨਾਲ ਸਬੰਧਤ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ। ਇਸ ਦੇ ਬਾਵਜੂਦ ਸਮੇਂ-ਸਮੇਂ ਤੇ ਉਨ੍ਹਾਂ ਤੋਂ ਹੋਰ ਵਿਭਾਗਾਂ ਨਾਲ ਸਬੰਧਤ ਵਾਧੂ ਕੰਮ ਵੀ ਕਰਵਾਏ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦੇ ਕੰਮ ਦਾ ਬੋਝ ਹੋਰ ਵਧ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਵਾਧੂ ਜ਼ਿੰਮੇਵਾਰੀਆਂ ਨਿਭਾਉਣ ਦੇ ਬਦਲੇ ਵਰਕਰਾਂ ਨੂੰ ਕੋਈ ਵੱਖਰਾ ਮਾਣ-ਭੱਤਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀਆਂ ਨਿਯਮਤ ਗਤੀਵਿਧੀਆਂ, ਬੱਚਿਆਂ ਅਤੇ ਮਹਿਲਾਵਾਂ ਨਾਲ ਸਬੰਧਤ ਸੇਵਾਵਾਂ ਤੋਂ ਇਲਾਵਾ ਹੋਰ ਵਿਭਾਗੀ ਕੰਮਾਂ ਦੀ ਜ਼ਿੰਮੇਵਾਰੀ ਦੇਣ ਤੋਂ ਪਹਿਲਾਂ ਵਰਕਰਾਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸਪੱਸ਼ਟ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਯੂਨੀਅਨ ਨੇ ਮੰਗ ਕੀਤੀ ਕਿ ਜੇਕਰ ਆਂਗਣਵਾੜੀ ਵਰਕਰਾਂ ਤੋਂ ਵਿਭਾਗ ਤੋਂ ਬਾਹਰਲੇ ਜਾਂ ਵਾਧੂ ਕੰਮ ਲਏ ਜਾਂਦੇ ਹਨ ਤਾਂ ਉਨ੍ਹਾਂ ਲਈ ਉਚਿਤ ਵੱਖਰਾ ਮਾਣ-ਭੱਤਾ ਨਿਰਧਾਰਤ ਕੀਤਾ ਜਾਵੇ। ਇਸ ਦੇ ਨਾਲ ਹੀ ਕੰਮ ਦੀ ਮਿਆਦ, ਜ਼ਿੰਮੇਵਾਰੀ ਅਤੇ ਜਵਾਬਦੇਹੀ ਸਬੰਧੀ ਵੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ। ਵਰਕਰਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਚਿਤ ਹੱਲ ਨਹੀਂ ਕੀਤਾ ਜਾਂਦਾ, ਉਹ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਵਾਧੂ ਕੰਮ ਕਰਨ ਤੋਂ ਇਨਕਾਰ ਕਰਨਗੀਆਂ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਦਿਆਂ ਉਨ੍ਹਾਂ ਤੇ ਪਾਏ ਜਾ ਰਹੇ ਵਾਧੂ ਕੰਮ ਦੇ ਬੋਝ ਨੂੰ ਘਟਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ। ਇਸ ਮੌਕੇ ਸਰਬਜੀਤ ਕੌਰ, ਹਰਜੀਤ ਕੌਰ ਚੀਮਾ, ਰਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਹਾਜ਼ਰ ਸਨ।