- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਏ, ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ

- ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ
ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ : ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ’ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਪੀਏ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਦੀ ਅਗਵਾਈ ਹੇਠ ਸੌਂਪਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹਾਜ਼ਰੀ ਭਰਦਿਆਂ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਏ। ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਮਾਣ ਭੱਤਾ ਸਮੇਂ ਸਿਰ ਜਾਰੀ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਹ ਵਾਅਦੇ ਅਮਲ ਵਿੱਚ ਨਹੀਂ ਲਿਆਂਦੇ ਗਏ।
ਉਨ੍ਹਾਂ ਕਿਹਾ ਕਿ ਹਜ਼ਾਰਾਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅੱਜ ਵੀ ਘੱਟ ਮਾਣ ਭੱਤੇ ’ਤੇ ਵਾਧੂ ਜ਼ਿੰਮੇਵਾਰੀਆਂ ਨਿਭਾਉਣੀਆਂ ਪੈ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਵਿਭਾਗ ਤੋਂ ਇਲਾਵਾ ਕਰਵਾਏ ਜਾਂਦੇ ਸਰਵੇ, ਚੋਣ ਡਿਊਟੀਆਂ, ਸਿਹਤ ਮੁਹਿੰਮਾਂ ਅਤੇ ਹੋਰ ਸਰਕਾਰੀ ਕੰਮਾਂ ਲਈ ਵੱਖਰੇ ਤੌਰ ’ਤੇ ਯੋਗ ਮਹਿਨਤਾਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਮਾਣ ਭੱਤੇ ਵਿੱਚ ਤੁਰੰਤ ਵਾਧਾ ਕਰ ਕੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਸਾਲਾਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਮੰਗ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਕਿ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਮੁੱਖ ਮੰਤਰੀ ਪੰਜਾਬ ਨਾਲ ਜਲਦੀ ਮੀਟਿੰਗ ਕਰਵਾਈ ਜਾਵੇ ਤਾਂ ਜੋ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਠੋਸ ਫ਼ੈਸਲੇ ਲਏ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਤੋਂ ਇਲਾਵਾ ਰਜਨੀ ਬਾਲਾ, ਸੁੱਭਪਰੀਤ ਕੌਰ, ਮਨਪ੍ਰੀਤ ਕੌਰ, ਕੋਮਲ, ਕੁਲਬੀਰ ਕੌਰ, ਲਖਵਿੰਦਰ ਕੌਰ, ਰਣਜੀਤ ਕੌਰ, ਕੁਲਜੀਤ ਕੌਰ, ਰਜਵੰਤ, ਮਨਜੀਤ ਕੌਰ, ਗੁਰਜਿੰਦਰ ਕੌਰ, ਗੁਰਮੀਤ ਕੌਰ, ਹਰਜੀਤ ਕੌਰ, ਹਰਜਿੰਦਰ ਕੌਰ, ਸਤਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਹਾਜ਼ਰ ਸਨ।