
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨ

ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ: ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਅਤੇ ਕਿਸਾਨੀ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਉਣ ਵਾਲੇ ਸੰਘਰਸ਼ ਲਈ ਰਣਨੀਤੀ ਤਿਆਰ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਘਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ ਅਤੇ ਕਿਸੇ ਵੀ ਅਜਿਹੀ ਨੀਤੀ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ, ਜਿਸ ਨਾਲ ਕਿਸਾਨਾਂ ਦੇ ਜ਼ਮੀਨੀ ਹੱਕਾਂ ਜਾਂ ਭਵਿੱਖ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਹੋਵੇ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਨਾਲ ਸਬੰਧਤ ਨੀਤੀਆਂ ਬਣਾਉਣ ਸਮੇਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਸਮੇਤ ਕਿਸਾਨੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜਨਰਲ ਸਕੱਤਰ ਅਮਰੀਕ ਸਿੰਘ ਮੀਕੇ, ਪ੍ਰਚਾਰ ਸਕੱਤਰ ਸਰਵਣ ਸਿੰਘ ਤਲਵੰਡੀ, ਸਤਬੀਰ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਅਮਰੀਕ ਸਿੰਘ ਡੇਰਾ ਬਾਬਾ ਨਾਨਕ, ਜੋਗਿੰਦਰ ਸਿੰਘ ਕਲਾਨੌਰ, ਬਿਕਰਮਜੀਤ ਸਿੰਘ ਬਟਾਲਾ, ਸਤਨਾਮ ਸਿੰਘ ਸ੍ਰੀ ਹਰਗੋਬਿੰਦਪੁਰ, ਹਰਭਜਨ ਸਿੰਘ ਗੁਰਦਾਸਪੁਰ, ਨਰਿੰਦਰ ਸਿੰਘ ਬਟਾਲਾ, ਅਠਵਾਲ ਸਿੰਘ, ਸੰਤੋਖ ਸਿੰਘ ਮੀਕੇ, ਗੁਰਮੁਖ ਸਿੰਘ, ਕਸ਼ਮੀਰ ਸਿੰਘ ਕਾਹਨੂੰਵਾਨ, ਬੂਟਾ ਸਿੰਘ, ਜੋਗਾ ਸਿੰਘ, ਸੁਖਦੇਵ ਸਿੰਘ, ਰਘਬੀਰ ਸਿੰਘ, ਪਲਵਿੰਦਰ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਹਰਦੇਵ ਸਿੰਘ, ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।