- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀਆਂ ਵਿੱਚ ਅਗੇਤੇ ਝੋਨੇ ਦੀ ਆਮਦ ਸ਼ੁਰੂ, ਬਾਸਮਤੀ 1509 ਦਾ ਰੇਟ 4175 'ਤੇ ਪੁੱਜਾ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਬਾਰਡਰ ਏਰੀਏ ਦੀ ਪ੍ਰਮੁੱਖ ਅਨਾਜ ਮੰਡੀ ਕਲਾਨੌਰ ’ਚ ਅਗੇਤੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਆਪਣੀ ਅਗੇਤੀ ਫ਼ਸਲ ਲੈ ਕੇ ਮੰਡੀਆਂ ’ਚ ਪਹੁੰਚਣੇ ਸ਼ੁਰੂ ਹੋ ਗਏ ਹਨ। ਕਲਾਨੌਰ ਅਨਾਜ ਮੰਡੀ ਦਾ ਦੌਰਾ ਕੀਤਾ ਤਾਂ ਵੇਖਿਆ ਕਿ ਮੰਡੀ ’ਚ ਵੱਖ-ਵੱਖ ਆੜ੍ਹਤੀਆਂ ਦੇ ਫੜ੍ਹਾਂ ਚ ਕਿਸਾਨਾਂ ਵੱਲੋਂ ਝੋਨੇ ਦੀਆਂ ਅਗੇਤੀਆਂ ਕਿਸਮਾਂ ਤੋਂ ਇਲਾਵਾ ਬਾਸਮਤੀ 1509 ਦੀ ਆਮਦ ਹੋ ਰਹੀ ਹੈ। ਮੰਡੀ ’ਚ ਝੋਨੇ ਦੀ ਨਵੀਂ ਫ਼ਸਲ ਆਉਣ ਨਾਲ ਰੌਣਕਾਂ ਵਧ ਗਈਆਂ ਹਨ।
ਇਸ ਮੌਕੇ ’ਤੇ ਕਿਸਾਨ ਬਲਵਿੰਦਰ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ ਅਤੇ ਦਰਬਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਵਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪਹਿਲੀ ਜੂਨ ਤੋਂ ਝੋਨੇ ਦੀ ਬਿਜਾਈ ਕਰ ਦਿੱਤੀ ਗਈ ਅਤੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ 10-15 ਦਿਨ ਪਹਿਲਾਂ ਹੀ ਝੋਨੇ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਝੋਨਾ ਪੱਕਣ ਉਪਰੰਤ ਉਨ੍ਹਾਂ ਵੱਲੋਂ ਮੰਡੀਆਂ ’ਚ ਲਿਆਂਦਾ ਜਾਂਦਾ ਹੈ। ਇਸ ਮੌਕੇ ’ਤੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ, ਪਰ ਪ੍ਰਾਈਵੇਟ ਸੈਲਰ ਮਾਲਕਾਂ ਵੱਲੋਂ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਝਾੜ ਠੀਕ ਹੈ। ਇਸ ਮੌਕੇ ’ਤੇ ਉਨ੍ਹਾਂ ਦੱਸਿਆ ਕਿ ਬਾਸਮਤੀ 1509 ਦਾ ਝਾੜ ਵਧੀਆ ਨਿਕਲਣ ਦੇ ਨਾਲ-ਨਾਲ ਮੰਡੀ ’ਚ ਬਾਸਮਤੀ 4175 ਰੁਪਏ ਪ੍ਰਤੀ ਕੁਇੰਟਲ ਵਿਕ ਗਈ ਹੈ। ਦੂਜੇ ਪਾਸੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੰਡੀਆਂ ’ਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਾਰਦਾਨੇ ਅਤੇ ਤਰਪਾਲਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ 'ਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।