ਸੁਰਿੰਦਰ ਮਹਾਜਨ, ਪਠਾਨਕੋਟ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕੋਰ ਗਰੁੱਪ ਦੀ ਇਕ ਮੀਟਿੰਗ ਹੋਈ, ਜਿਸ 'ਚ ਜ਼ਹਿਰੀਲੀ ਸ਼ਰਾਬ ਨਾਲ ਬੇਕਸੂਰ ਲੋਕਾਂ ਦੇ ਮਾਰੇ ਜਾਣ ਦੇ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਝਾ ਖੇਤਰ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 120 ਨਿਰਦੋਸ਼ ਲੋਕਾਂ ਦੀਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ। ਇਸ ਲਈ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਕੈਪਟਨ ਨੂੰ ਨੈਤਿਕਤਾ ਦੇ ਅਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਮੀਟਿੰਗ 'ਚ ਸੂਬੇ ਭਰ 'ਚ ਭਾਰਤੀ ਜਨਤਾ ਯੁਵਾ ਮੋਰਚਾ ਤੇ ਮਹਿਲਾ ਮੋਰਚਾ ਵੱਲੋਂ ਇਸ ਮੁੱਦੇ 'ਤੇ ਅੰਦੋਲਨ ਚਲਾਉਣ ਦੀ ਰਣਨੀਤੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਇਕ ਤੱਥ ਖੋਜ ਕਮੇਟੀ ਵੀ ਬਣਾਈ ਗਈ ਹੈ, ਜੋ ਚਾਰ ਦਿਨਾਂ 'ਚ ਆਪਣੀ ਰਿਪੋਰਟ ਪ੍ਰਦੇਸ਼ ਭਾਜਪਾ ਨੂੰ ਪੇਸ਼ ਕਰੇਗੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਘਿਰਾਓ ਕਰਨ ਲਈ ਸੂਬੇ ਦੇ ਲੋਕਾਂ ਨੂੰ ਨਾਲ ਲੈ ਕੇ ਸੜਕਾਂ 'ਤੇ ਉਤਰਿਆ ਜਾਵੇਗਾ ਤੇ ਮਾਝਾ ਖੇਤਰ ਦੇ 120 ਨਿਰਦੋਸ਼ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਜਾਵੇਗੀ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਸੂਬੇ 'ਚ ਜ਼ਹਿਰੀਲੀ ਸ਼ਰਾਬ ਦੀ ਦੁਖਦਾਈ ਘਟਨਾ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਤਾਂ ਜਾਖੜ ਦਾ ਅੱਗ-ਬਬੂਲਾ ਹੋਣਾ ਗ਼ਲਤ ਹੈ।

ਸ਼ਰਮਾ ਨੇ ਕਿਹਾ ਕਿ ਜਾਖੜ ਨੂੰ ਚਾਹੀਦਾ ਹੈ ਕਿ ਉਹ 120 ਵਿਅਕਤੀਆਂ ਦੀ ਮੌਤ ਲਈ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫੇ ਦੀ ਮੰਗ ਕਰਨ, ਨਾ ਕਿ ਉਨ੍ਹਾਂ ਲੋਕਾਂ ਦੇ ਵਿਰੁੱਧ ਜੋ ਕਾਂਗਰਸ ਦੇ ਖੇਮੇ ਨੂੰ ਸੱਚ ਦਾ ਸ਼ੀਸ਼ਾ ਦਿਖਾਉਂਦੇ ਹਨ ਤੇ ਗ਼ਲਤ ਲੋਕਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਹਨ।