- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰੋਜੈਕਟ ਉੱਜਵਲ ਤਹਿਤ ਸਰਕਾਰੀ ਸਕੂਲਾਂ ਦੇ

ਪਲਵਿੰਦਰ ਸਿੰਘ, ਪੰਜਾਬੀ ਜਾਗਰਣ
ਗੁਰਦਾਸਪੁਰ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਅਕਾਦਮਿਕ ਸਹਾਇਤਾ, ਮਾਨਸਿਕ ਸਿਹਤ ਸਬੰਧੀ ਮਾਰਗਦਰਸ਼ਨ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰੋਜੈਕਟ ਉੱਜਵਲ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਐੱਨਜੀਓਜ਼ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਸੀਜੇਐੱਮ ਹਰਪ੍ਰੀਤ ਸਿੰਘ, ਪੀਸੀਐੱਸ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਨੂੰ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਸਫ਼ਲਤਾ ਲਈ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਪ੍ਰੋਜੈਕਟ ਉੱਜਵਲ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਵੱਲੋਂ ਜਾਰੀ ਪੱਤਰ ਦੇ ਹਵਾਲੇ ਨਾਲ ਰਿਟਾਇਰਡ ਹਾਈ ਕੋਰਟ ਚੀਫ਼ ਜਸਟਿਸ ਰੀਤੂ ਬਾਹਰੀ ਵੱਲੋਂ ਇਸ ਪ੍ਰੋਜੈਕਟ ਨੂੰ ਪੰਜਾਬ ਵਿੱਚ ਸ਼ੁਰੂ ਕਰਨ ਸਬੰਧੀ ਕੀਤੀ ਗਈ ਪਹਿਲਕਦਮੀ ਦਾ ਜ਼ਿਕਰ ਕੀਤਾ ਗਿਆ। ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਅਕਾਦਮਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਮਾਨਸਿਕ ਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਵਾਧੂ ਪੜ੍ਹਾਈ ਸਹਾਇਤਾ, ਕੌਂਸਲਿੰਗ, ਮੈਂਟਰਸ਼ਿਪ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੇ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਨੋਡਲ ਅਫ਼ਸਰ ਮੁਕੇਸ਼ ਕੁਮਾਰ ਵਰਮਾ ਵੱਲੋਂ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ, ਆਈਏਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਖ-ਵੱਖ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸੀਐਸਆਰ ਤਹਿਤ ਵਿੱਤੀ ਅਤੇ ਹੋਰ ਲੁੜੀਂਦੇ ਸਰੋਤ ਇਕੱਠੇ ਕਰਕੇ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਕਲਾਸਾਂ ਅਤੇ ਵਿੱਦਿਅਕ ਸਹਾਇਤਾ ਦੇ ਪ੍ਰਬੰਧ ਕਰਨ ਦੀ ਲੋੜ ’ਤੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਪ੍ਰੋਜੈਕਟ ਉੱਜਵਲ ਦੇ ਉਦੇਸ਼ਾਂ, ਇਸ ਦੀ ਕਾਰਜਯੋਜਨਾ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਇਸ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੋਜੈਕਟ ਉੱਜਵਲ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣਾ, ਉਨ੍ਹਾਂ ਨੂੰ ਵਾਧੂ ਟਿਊਸ਼ਨ ਅਤੇ ਅਕਾਦਮਿਕ ਸਹਾਇਤਾ ਮੁਹੱਈਆ ਕਰਵਾਉਣਾ, ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਕੌਂਸਲਿੰਗ ਤੇ ਮੈਂਟਰਸ਼ਿਪ ਰਾਹੀਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਪ੍ਰੋਜੈਕਟ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਜੀਵਨ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਮੀਟਿੰਗ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਉਪਲਬਧ ਸਰੋਤਾਂ, ਸੇਵਾਵਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਸ ਪ੍ਰੋਜੈਕਟ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ। ਸੰਸਥਾਵਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਕਲਾਸਾਂ, ਵਿਸ਼ੇਸ਼ ਸਿੱਖਿਆ ਸਹਾਇਤਾ, ਕਰੀਅਰ ਮਾਰਗਦਰਸ਼ਨ ਅਤੇ ਹੋਰ ਲੋੜੀਂਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਤੋਂ ਸਰਵਨ ਸਿੰਘ ਧੰਦਲ, ਸੇਂਟ ਵਾਰੀਅਰ ਸਕੂਲ ਕਾਦੀਆਂ ਤੋਂ ਸੱਜਣ ਸਿੰਘ ਧੰਦਲ, ਸ੍ਰੀ ਗੁਰੂ ਗੋਬਿੰਦ ਸਿੰਘ ਸੁਸਾਇਟੀ ਤੋਂ ਜਸਮੀਤ ਸਿੰਘ ਅਤੇ ਗੋਲਡਨ ਕਾਲਜ ਆਫ਼ ਐਜੂਕੇਸ਼ਨ ਸੁਸਾਇਟੀ ਤੋਂ ਰਾਘਵ ਮਹਾਜਨ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।