ਬੱਚਿਆਂ ਦੀ ਸੁਰੱਖਿਆ ਤੇ ਅਧਿਕਾਰਾਂ ਬਾਰੇ ਕੀਤਾ ਜਾਗਰੂਕ
ਪੀਐੱਮ ਸ਼੍ਰੀ ਸਰਕਾਰੀ ਸਕੂਲ ਵਿਖੇ ਬੱਚਿਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਸਬੰਧੀ ਜਾਗਰੂਕਤਾ ਸੈਮੀਨਾਰ
Publish Date: Sat, 31 Oct 2026 04:46 PM (IST)
Updated Date: Sat, 31 Oct 2026 04:47 PM (IST)
ਕਸ਼ਮੀਰ ਸਿੰਘ ਸੰਧੂ/ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਸੁਰੱਖਿਆ, ਚੰਗੇ ਅਤੇ ਮਾੜੇ ਸਪਰਸ਼ ਦੀ ਪਛਾਣ, ਕਿਸੇ ਵੀ ਅਣਸੁਖਾਵੀਂ ਘਟਨਾ ਵਿਰੁੱਧ ਆਵਾਜ਼ ਉਠਾਉਣ ਅਤੇ ਅਜਿਹੀ ਸਥਿਤੀ ਵਿੱਚ ਮਾਪਿਆਂ ਜਾਂ ਅਧਿਆਪਕਾਂ ਨੂੰ ਤੁਰੰਤ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਵੱਲੋਂ ਵੀ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਬਣਾਉਂਦੇ ਹਨ। ਉਨ੍ਹਾਂ ਇਸ ਉਪਰਾਲੇ ਲਈ ਪਹੁੰਚੇ ਮਹਿਮਾਨਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਧੰਨਵਾਦ ਕੀਤਾ। ਸੈਮੀਨਾਰ ਦੌਰਾਨ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।