- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਅਵਤਾਰ ਸਿੰਘ ਬੇਦੀ ਚੋਲਾ ਸਾਹਿਬ ਵਾਲਿਆਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਸਤਪਾਲ ਜ਼ਖਮੀ, ਪੰਜਾਬੀ ਜਾਗਰਣ
ਡੇਰਾ ਬਾਬਾ ਨਾਨਕ : ਪਹਿਲੀ ਪਾਤਸ਼ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ‘ਚੋਂ 16ਵੀਂ ਪੀੜੀ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਚੋਲਾ ਸਾਹਿਬ ਵਾਲਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਤੋਂ ਵਿਛੜੇ ਗੁਰਧਾਮ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਸੰਧੂਰ ਦੌਰਾਨ ਸਰਹੱਦਾਂ ‘ਤੇ ਨਾਜੁਕ ਹਾਲਾਤਾਂ ਨੂੰ ਵੇਖਦਿਆਂ ਹੋਇਆ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦ ਹੁਣ ਦੋਵਾਂ ਦੇਸ਼ਾਂ ਦੀਆਂ ਸਰਕਾਰ ਵੱਲੋਂ ਵਾਹਗਾ ਸਰਹੱਦ ਸਮੇਤ ਬਾਕੀ ਸਰਹੱਦਾਂ ਨੂੰ ਪਹਿਲਾਂ ਵਾਂਗ ਖੋਲ੍ਹ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਭੇਜੇ ਜਾ ਰਹੇ ਹਨ ਤਾਂ ਫਿਰ ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਵੀ ਖੋਲ ਦੇਣਾ ਚਾਹੀਦਾ ਹੈ। ਉਹਨਾਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਹੋਇਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਇਹ ਲਾਂਘਾ ਜਲਦ ਖੋਲ੍ਹਿਆ ਜਾਣਾ ਚਾਹੀਦਾ ਹੈ। ਬਾਬਾ ਜੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਤੁਹਾਡੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਲਾਂਘੇ ਦੀ ਸੁਰੂਆਤ ਕਰਕੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਕ ਤੋਹਫਾ ਦਿੱਤਾ ਸੀ, ਉਸੇ ਤਰਾਂ ਹੁਣ ਵੀ ਲਾਂਘੇ ਦੀਆਂ ਸ਼ਰਤਾਂ ਨੂੰ ਨਰਮ ਕਰਕੇ ਇਸ ਗੁਰਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਇਸ ਲਾਂਘੇ ਦੀ ਮੁੜ ਸ਼ੁਰੂਆਤ ਕਰਕੇ ਸਮੁੱਚੀ ਸਿੱਖ ਕੌਮ ਤੇ ਗੁਰੂ ਨਾਨਕ ਨਾਮ ਲੇਵਾਂ ਸੰਗਤਾਂ ਨੂੰ ਤੋਹਫਾ ਦਿੱਤਾ ਜਾਵੇ।