- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਵਿੰਦਰ ਸਿੰਘ ਲਾਡੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬੀ ਜਾਗਰਣ ਟੀਮ, ਸ੍ਰੀ ਹਰਗੋਬਿੰਦਪੁਰ ਸਾਹਿਬ: ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੀਡੀਪੀਓ ਵਰਿੰਦਰ ਸਿੰਘ ਵੀ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਨੌਜਵਾਨ ਨੂੰ ਉਸ ਦੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਅਤੇ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਨਵ-ਨਿਯੁਕਤ ਵਰਕਰ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ।