ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ’ਚ ਲੱਗੀਆਂ ਰੌਣਕਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ’ਚ ਲੱਗੀਆਂ ਰੌਣਕਾਂ
Publish Date: Thu, 17 Sep 2026 08:29 PM (IST)
Updated Date: Thu, 17 Sep 2026 08:32 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵਿਆਹ ਪੁਰਬ ਨੂੰ ਲੈ ਕੇ ਜਿੱਥੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਦੀ ਭਾਰੀ ਆਮਦ ਹੋ ਰਹੀ ਹੈ, ਉੱਥੇ ਹੀ ਸਲਾਨਾ ਜੋੜ ਮੇਲੇ ਮੌਕੇ ਬਟਾਲਾ ਸ਼ਹਿਰ ਦੇ ਬਾਜ਼ਾਰਾਂ ਤੇ ਵੱਖ-ਵੱਖ ਥਾਵਾਂ ’ਤੇ ਲੱਗੀਆਂ ਦੁਕਾਨਾਂ ’ਤੇ ਵੀ ਕਾਫੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਬਟਾਲਾ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਤੇ ਦੂਰ-ਦੁਰਾਡੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਬਟਾਲਾ ਪਹੁੰਚ ਰਹੀਆਂ ਹਨ। ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸ ਉਪਰੰਤ ਲੋਕ ਪਰਿਵਾਰਾਂ ਸਮੇਤ ਸ਼ਹਿਰ ਵਿੱਚ ਲੱਗੇ ਜੋੜ ਮੇਲੇ ਦੀਆਂ ਦੁਕਾਨਾਂ ’ਤੇ ਖਰੀਦਦਾਰੀ ਕਰਨ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੇ ਝੂਲਿਆਂ ਦਾ ਵੀ ਆਨੰਦ ਲੈ ਰਹੇ ਹਨ। ਜੋੜ ਮੇਲੇ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਸੜਕਾਂ ਦੇ ਕਿਨਾਰਿਆਂ ’ਤੇ ਕਈ ਤਰ੍ਹਾਂ ਦੀਆਂ ਦੁਕਾਨਾਂ ਸਜਾਈਆਂ ਗਈਆਂ ਹਨ। ਇਨ੍ਹਾਂ ਦੁਕਾਨਾਂ ’ਤੇ ਘਰੇਲੂ ਸਾਮਾਨ, ਬੱਚਿਆਂ ਦੇ ਖਿਡੌਣੇ, ਸਜਾਵਟੀ ਵਸਤਾਂ, ਖਾਣ-ਪੀਣ ਦਾ ਸਾਮਾਨ ਤੇ ਹੋਰ ਵੱਖ-ਵੱਖ ਚੀਜ਼ਾਂ ਉਪਲਬਧ ਹਨ। ਬੱਚਿਆਂ ਵਿੱਚ ਮੇਲੇ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਉਹ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣ ਰਹੇ ਹਨ। ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਨਗਰ ਕੀਰਤਨ ਦੇ ਰੂਟ ਨੂੰ ਵੀ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਰਾਤ ਸਮੇਂ ਇਹ ਲਾਈਟਾਂ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾ ਰਹੀਆਂ ਹਨ ਅਤੇ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀਆਂ ਹਨ। ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਦਿਨ ਭਰ ਲੋਕਾਂ ਦੀ ਆਵਾਜਾਈ ਜਾਰੀ ਰਹਿੰਦੀ ਹੈ। ਸ਼ਾਮ ਦੇ ਸਮੇਂ ਬਾਜ਼ਾਰਾਂ ਵਿੱਚ ਰੌਣਕ ਹੋਰ ਵਧ ਜਾਂਦੀ ਹੈ। ਦੁਕਾਨਦਾਰਾਂ ਵੱਲੋਂ ਵੀ ਮੇਲੇ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦਾ ਸਾਮਾਨ ਸਜਾ ਕੇ ਰੱਖਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨਾਲ ਜੁੜੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਕਾਰਨ ਹਰ ਸਾਲ ਬਟਾਲਾ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚਦੀਆਂ ਹਨ। ਇਸ ਵਾਰ ਵੀ ਸ਼ਹਿਰ ਵਿੱਚ ਧਾਰਮਿਕ ਸ਼ਰਧਾ ਦੇ ਨਾਲ-ਨਾਲ ਮੇਲੇ ਵਾਲੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਪੂਰਾ ਬਟਾਲਾ ਸ਼ਹਿਰ ਇਸ ਸਮੇਂ ਸ਼ਰਧਾ, ਉਤਸ਼ਾਹ ਤੇ ਖੁਸ਼ੀ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ।