
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਟਾਲਾ: ਗਰਦਾਸਪੁਰ ਰੋਡ ਸਮੇਤ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਜਾਰੀ ਸਫਾਈ ਮੁਹਿੰਮ।

ਰਾਮ, ਪੰਜਾਬੀ ਜਾਗਰਣ
ਬਟਾਲਾ:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ 29 ਅਗਸਤ ਤੋਂ 7 ਸਤੰਬਰ ਤੱਕ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਬਟਾਲਾ ਵਿਖੇ ਸਫ਼ਾਈ ਅਭਿਆਨ ਜਾਰੀ ਹੈ ਅਤੇ ਅੱਜ ਗੁਰਦਾਸਪੁਰ ਰੋਡ ਸਮੇਤ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਸਫਾਈ ਮੁਹਿੰਮ ਵਿੱਢੀ ਗਈ।ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮਿਲ ਸਕੇ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫਾਈ ਮਾਡਲ ਵੱਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਸੈਨੇਟਰੀ ਇੰਸਪੈਕਟਰ ਵਾਸੂਦੇਵ ਵੀ ਮੌਜੂਦ ਸਨ।
ਉਹਨਾਂ ਅੱਗੇ ਕਿਹਾ ਕਿ ਇਸ ਵਿੱਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧੀਨ ਪੈਂਦੇ ਸਾਰੇ ਇਲਾਕਿਆਂ ਦੀ ਸਾਫ-ਸਫ਼ਾਈ ਦਾ ਕੰਮ ਮੁੱਖ ਤੌਰ 'ਤੇ ਦੇਖਿਆ ਜਾ ਰਿਹਾ ਹੈ। ਸੋ ਇਸ ਕੰਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਸ ਮੁਹਿੰਮ ਦੀ ਸ਼ੁਰੂਆਤ ਬਟਾਲਾ ਸ਼ਹਿਰ ਤੋਂ ਸ਼ੁਰੂ ਕੀਤੀ ਗਈ ਹੈ। ਇਹ ਸਫਾਈ ਅਭਿਆਨ 10 ਦਿਨ ਚਲਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਵੀ ਨਿਰੰਤਰ ਸਫਾਈ ਮੁਹਿੰਮ ਚੱਲੇਗੀ। ਇਸ ਦੌਰਾਨ ਕੂੜਾ ਕਰਕਟ ਸੁੱਟਣ ਵਾਲੇ ਸਥਾਨਾਂ ਦਾ ਮੁੱਖ ਤੌਰ 'ਤੇ ਨਿਰੀਖਣ ਕੀਤਾ ਜਾਵੇਗਾ। ਇਸ ਸਫਾਈ ਅਭਿਆਨ ਤੋਂ ਬਾਅਦ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹਨਾਂ ਸਥਾਨਾਂ 'ਤੇ ਦੁਬਾਰਾ ਕੂੜਾ ਕਰਕਟ ਨਾ ਸੁੱਟਿਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸਫਾਈ ਕਰਮਚਾਰੀ ਇਸ ਮੁਹਿੰਮ ਦਾ ਕੇਂਦਰੀ ਹਿੱਸਾ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਬਟਾਲਾ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ।