ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ : ਐੱਸਐੱਸਪੀ ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ : ਐੱਸਐੱਸਪੀ
Publish Date: Sat, 24 Oct 2026 05:35 PM (IST)
Updated Date: Sun, 25 Oct 2026 04:01 AM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਰਰਣ, ਬਟਾਲਾ : ਅੱਜ ਬਟਾਲਾ ਪੁਲਿਸ ਵਲੋਂ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਇਲਾਕਿਆਂ ’ਚ ਕਾਸ਼ੋ ਆਪ੍ਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਪੁਲਿਸ ਵਲੋਂ 50 ਦੇ ਕਰੀਬ ਵਿਅਕਤੀਆਂ ਨੂੰ ਰਾਊਂਡਅਪ ਕਰਦੇ ਹੋਏ 15 ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੁਝ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਕੀਤੀ ਗਈ ਹੈ। ਇਸ ਸੰਬੰਧੀ ਗਾਂਧੀ ਚੌਂਕ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਟਾਲਾ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਦੇ ਪਿੱਛੇ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਬਟਾਲਾ ਪੁਲਿਸ ਵਲੋਂ ਸਵੇਰੇ ਤੋਂ ਹੀ ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਾਦੀਆਂ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ’ਚ ਕਾਸ਼ੋ ਆਪ੍ਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ’ਚ ਇਕ ਐੱਸਪੀ, 6 ਡੀਐੱਸਪੀ ਤੇ ਸੰਬੰਧਤ ਇਲਾਕਿਆਂ ’ਚ ਪੈਂਦੇ ਐੱਸਐੱਚਓ ਸਮੇਤ 200 ਦੇ ਕਰੀਬ ਪੁਲਿਸ ਫੋਰਸ ਸ਼ਾਮਲ ਹੋਈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਇਸ ਆਪ੍ਰੇਸ਼ਨ ਤਹਿਤ 50 ਦੇ ਕਰੀਬ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ ਤੇ ਇਨ੍ਹਾਂ ’ਚੋਂ 15 ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਕੁਝ ਨਸ਼ੀਲੇ ਪਦਾਰਥਾਂ ਦੀ ਵੀ ਬਰਾਮਦਗੀ ਕੀਤੀ ਗਈ ਹੈ। ਬਟਾਲਾ ਪੁਲਿਸ ਵਲੋਂ ਸਮੇਂ ਸਮੇਂ ’ਚ ਕਾਸ਼ੋ ਆਪ੍ਰੇਸ਼ਨ ਚਲਾਇਆ ਜਾਂਦਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਇਹ ਕਾਰਵਾਈ ਜਾਰੀ ਰਹੇਗੀ। ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ’ਚ ਲੋਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਸੰਬੰਧ ਉਨ੍ਹਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਸ਼ਹਿਰ ਅਤੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸਪੀ ਨਵਜੋਤ ਸਿੰਘ ਸੰਧੂ, ਡੀਐੱਸਪੀ ਤੇਜਿੰਦਰਪਾਲ ਸਿੰਘ ਗੋਰਾਇਆ, ਲਖਵਿੰਦਰ ਸਿੰਘ ਐੱਸਐੱਚਓ ਸਿਟੀ ਗੁਰਇਕਬਾਲ ਸਿੰਘ, ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।