- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ: ਡੀਐੱਸਪੀ ਕਸਤੂਰੀ ਲਾਲ ਦੀ ਅਗਵਾਈ ਹੇਠ ਯਾਤਰਾ ਦੌਰਾਨ ਕੀਤੇ ਸੁਰੱਖਿਆ ਪ੍ਰਬੰਧਾਂ ਦੌਰਾਨ ਤਾਇਨਾਤ ਪੁਲਿਸ ਮੁਲਾਜ਼ਮ।

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਂਲਾ: ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕੀਤੀ ਗਈ ਹੈ। ਅੱਜ ਬਟਾਲਾ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਲਾਲ ਸਿੰਘ ਆਰਿਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਸੀਨੀਅਰ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਜਨਰਲ ਸਕੱਤਰ ਅੰਬਿਕਾ ਖੰਨਾ ਆਦਿ ਨੇ ਸ਼ਿਰਕਤ ਕੀਤੀ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਚੌਥੇ ਦਿਨ ਹਲਕਾ ਬਟਾਲਾ ਵਿਖੇ ਨੌਸ਼ਹਿਰਾ ਮੱਝਾ ਸਿੰਘ, ਗਾਂਧੀ ਕੈਂਪ ਅਤੇ ਕਪੂਰੀ ਗੇਟ ਸਮੇਤ ਵੱਖ-ਵੱਖ ਥਾਵਾਂ ’ਤੇ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਲਾਲ ਸਿੰਘ ਆਰੀਆ ਨੇ ਕਿਹਾ ਕਿ ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ ਦਰਸਾਉਂਦਾ ਹੈ ਕਿ ਪੰਜਾਬ ਦਾ ਸਮਾਜ ਨਸ਼ਿਆਂ ਵਿਰੁੱਧ ਜਾਗਰੂਕ ਹੋ ਰਿਹਾ ਹੈ।
ਭਾਜਪਾ ਦੇ ਜ਼ਿਲ੍ਹਾ ਬਟਾਲਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਇਸ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਮੁਸ਼ਕਲ ਜ਼ਰੂਰ ਹੈ, ਪਰ ਅਸੰਭਵ ਨਹੀਂ। ਇਸ ਮੌਕੇ ਪੰਜਾਬ ਭਾਜਪਾ ਦੇ ਸਕੱਤਰ ਸੂਰਜ ਭਾਰਦਵਾਜ, ਅੰਬਿਕਾ ਖੰਨਾ, ਕੁਲਦੀਪ ਸਿੰਘ ਕਾਹਲੋਂ, ਸੁਨੀਲ ਚਾਚੋਵਾਲੀਆ, ਰਜਿੰਦਰ ਸਿੰਘ ਬਿੱਟਾ, ਰੰਜਨ ਮਲਹੋਤਰਾ, ਹਰਪ੍ਰੀਤ ਸਿੰਘ ਬੇਦੀ, ਬਿਕਰਮਜੀਤ ਸਿੰਘ ਸੋਨੂ, ਮਨੰਦਾ, ਹਰਜੀਤ ਸਿੰਘ, ਬਾਬਾ ਅਵਤਾਰ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਇਕਬਾਲ ਮਸੀਹ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
ਪੰਜਾਬ ਪੁਲਿਸ ਦੇ ਤਾਲਮੇਲ ਨਾਲ ਨਸ਼ਾ ਤਸਕਰੀ ਦੀ ਸਪਲਾਈ ਚੇਨ ਤੋੜਨ ਦੀ ਲੋੜ: ਫਤਿਹਜੰਗ ਬਾਜਵਾ
ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਧਾਰਾ 370 ਅਤੇ ਨਕਸਲਵਾਦ ਵਰਗੀਆਂ ਚੁਣੌਤੀਆਂ ’ਤੇ ਫੈਸਲਾਕੁੰਨ ਕਾਰਵਾਈ ਕੀਤੀ ਹੈ ਅਤੇ ਹੁਣ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਪੰਜਾਬ ਪੁਲਿਸ ਦੀਆਂ ਸਬੰਧਤ ਐਂਟੀ-ਡਰੱਗ ਏਜੰਸੀਆਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਜ਼ਰੂਰੀ ਹੈ, ਤਾਂ ਜੋ ਨਸ਼ਾ ਤਸਕਰੀ ਦੀ ਸਪਲਾਈ ਚੇਨ, ਵਿੱਤੀ ਨੈੱਟਵਰਕ ਅਤੇ ਵੱਡੇ ਤਸਕਰਾਂ ਤੱਕ ਪਹੁੰਚ ਕੀਤੀ ਜਾ ਸਕੇ।
ਪਿੰਡਾਂ ਅਤੇ 50 ਵਾਰਡਾਂ ਨੂੰ ਨਸ਼ਾ ਮੁਕਤ ਕਰਨਾ ਸਾਡਾ ਵਚਨ”: ਅਸ਼ਵਨੀ ਸ਼ੇਖੜੀ
ਭਾਜਪਾ ਆਗੂ ਅਸ਼ਵਨੀ ਸ਼ੇਖੜੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੋ ਸਾਲਾਂ ਦਾ ਸੰਕਲਪ ਲਿਆ ਗਿਆ ਹੈ ਅਤੇ ਭਾਜਪਾ ਇਸ ਟੀਚੇ ਨੂੰ ਪੂਰਾ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ 83 ਪਿੰਡਾਂ ਅਤੇ 50 ਵਾਰਡਾਂ ਵਿੱਚੋਂ ਨਸ਼ੇ ਦਾ ਖ਼ਾਤਮਾ ਕਰਨਾ ਭਾਜਪਾ ਦਾ ਵਚਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਛੋਟੇ ਪੱਧਰ ਦੇ ਤਸਕਰਾਂ ਤੱਕ ਸੀਮਤ ਕਰਨ ਦੀ ਬਜਾਏ ਪੂਰੇ ਨੈੱਟਵਰਕ ਨੂੰ ਤੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਿਰਫ਼ ਸਿਆਸੀ ਨਾਅਰਾ ਨਹੀਂ, ਸਗੋਂ ਪੰਜਾਬ ਦੀ ਜਵਾਨੀ, ਪਰਿਵਾਰਾਂ ਅਤੇ ਭਵਿੱਖ ਨੂੰ ਬਚਾਉਣ ਦਾ ਸਾਂਝਾ ਸੰਕਲਪ ਹੈ।
“ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੀ ਯਾਤਰਾ ਦਾ ਮਕਸਦ”: ਰਵੀਕਰਨ ਸਿੰਘ ਕਾਹਲੋਂ
ਯਾਤਰਾ ਦੇ ਕੋਆਰਡੀਨੇਟਰ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਕਿਸਾਨੀ, ਖੇਡਾਂ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਣੀ ਜਾਂਦੀ ਰਹੀ ਹੈ, ਪਰ ਨਸ਼ਿਆਂ ਦੀ ਸਮੱਸਿਆ ਨੇ ਇਸ ਨੌਜਵਾਨੀ ਅਤੇ ਪਰਿਵਾਰਾਂ ਨੂੰ ਗੰਭੀਰ ਤੌਰ ’ਤੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਸੰਕਲਪ ਲਿਆ ਹੈ ਅਤੇ ਇਸ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਇਸ ਮੁਹਿੰਮ ਦਾ ਹਿੱਸਾ ਬਣਨ।