- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਭੋਆ ਅਧੀਨ ਪੈਂਦੇ ਪਿੰਡ ਸਮਰਾਲਾ ਕੁੱਲਾ ਦੇ ਇੱਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਬਾਜ਼ ਸਿੰਘ (21) ਪੁੱਤਰ ਜਗਜੀਤ ਸਿੰਘ ਵਾਸੀ ਸਮਰਾਲਾ ਕੁੱਲਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ (ਪਠਾਨਕੋਟ) : ਹਲਕਾ ਭੋਆ ਅਧੀਨ ਪੈਂਦੇ ਪਿੰਡ ਸਮਰਾਲਾ ਕੁੱਲਾ ਦੇ ਇੱਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਬਾਜ਼ ਸਿੰਘ (21) ਪੁੱਤਰ ਜਗਜੀਤ ਸਿੰਘ ਵਾਸੀ ਸਮਰਾਲਾ ਕੁੱਲਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਚਸ਼ਮਦੀਦ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਅਤੇ ਗੁਰਬਾਜ਼ ਸਿੰਘ ਇਕੱਠੇ ਪਿੰਡ ਐਮਾਂ ਗੁੱਜਰਾਂ ਵਿੱਚ ਟਰੈਕਟਰ ’ਤੇ ਦਿਹਾੜੀ ਦਾ ਕੰਮ ਕਰਦੇ ਸਨ। ਉਹ ਸ਼ਾਮ ਕਰੀਬ 6 ਵਜੇ ਕੰਮ ਮੁਕਾਉਣ ਤੋਂ ਬਾਅਦ ਦੋਵੇਂ ਘਰ ਵਾਪਸ ਆ ਰਹੇ ਸਨ। ਰਸਤੇ ਵਿੱਚ ਪੈਂਦੇ ਪਿੰਡ ਰਾਜਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਉਹ ਪਾਣੀ ਪੀਣ ਲਈ ਰੁਕ ਗਿਆ। ਜਦੋਂ ਉਹ ਵਾਪਸ ਆਇਆ ਤਾਂ ਉਸਨੇ ਵੇਖਿਆ ਕਿ ਕੁਝ ਵਿਅਕਤੀ ਗੁਰਬਾਜ਼ ਸਿੰਘ ਨਾਲ ਝਗੜਾ ਕਰ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਗੁਰਬਾਜ਼ ਸਿੰਘ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਜਤਿੰਦਰ ਕੁਮਾਰ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਗੁਰਬਾਜ਼ ਸਿੰਘ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐਸਐਚਓ ਵਿਜੇ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਬਾਜ਼ ਸਿੰਘ ਘਰ ਦਾ ਸਭ ਤੋਂ ਵੱਡਾ ਪੁੱਤਰ ਸੀ। ਉਸਦੇ ਪਿੱਛੇ ਇੱਕ ਛੋਟਾ ਭਰਾ ਅਤੇ ਮਾਤਾ-ਪਿਤਾ ਹਨ। ਗੁਰਬਾਜ਼ ਸਿੰਘ ਨੇ ਪਲੱਸ ਟੂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੇਵੀ ਦੇ ਟੈਸਟ ਦੀ ਤਿਆਰੀ ਸ਼ੁਰੂ ਕੀਤੀ ਹੋਈ ਸੀ। ਘਰ ਦੀ ਮਾਲੀ ਹਾਲਤ ਕਮਜ਼ੋਰ ਹੋਣ ਕਾਰਨ ਉਹ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਸਹਾਰਾ ਬਣਨ ਦੇ ਨਾਲ ਆਪਣੀ ਪੜ੍ਹਾਈ ਵੀ ਜਾਰੀ ਰੱਖ ਰਿਹਾ ਸੀ।
ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।